ਸਿਹਤ ਵਿਭਾਗ ਵੱਲੋਂ ਮਲੇਰੀਆ ਅਤੇ ਡੇਂਗੂ ਤੋਂ ਬਚਾਓ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਹਨ ਗਤੀਵਿਧੀਆਂ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ਵਿੱਚ ਅੱਜ ਸ਼ਹਿਰੀ ਖੇਤਰ ਸ਼੍ਰੀ ਮੁਕਤਸਰ ਸਾਹਿਬ ਦੇ ਅਬੋਹਰ ਰੋਡ, ਗੋਨੇਆਣਾ ਰੋਡ, ਬੂੜਾ ਗੁੱਜਰ ਰੋਡ, ਡੀ.ਸੀ. ਦਫਤਰ, ਮੁਕਤੇ ਮੀਨਾਰ ਪਾਰਕ, ਏਕਮ ਨਗਰ ਵਿਖੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਗਈ ਅਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਪਾਣੀ ਸੱਤ ਦਿਨਾਂ ਤੋਂ ਵੱਧ ਸਟੋਰ ਨਾ ਕਰਨ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਪਾਣੀ ਦੀਆਂ ਟੈਂਕੀਆਂ ਚੰਗੀ ਤਰ੍ਹਾਂ ਢੱਕ ਕੇ ਰੱਖਣ ਲਈ ਪ੍ਰੇਰਿਤ ਗਿਆ ਅਤੇ ਜਾਗਰੂਕਤਾ ਪੈੱਫਲੈਟ ਵੰਡੇ ਗਏ। ਘਰਾਂ ਵਿੱਚ ਖੜ੍ਹੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਮੌਕੇ ਤੇ ਨਸ਼ਟ ਕਰਵਾਏ ਗਏ। ਇਸ ਸੰਬੰਧੀ ਡਾ. ਵਿਕਰਮ ਅਸੀਜਾ ਜਿਲ੍ਹਾ ਪ੍ਰੋਗਰਾਮ ਅਫਸਰ ਨੇ ਦੱਸਿਆ ਕਿ ਬਾਰਿਸ਼ਾਂ ਦੇ ਮੌਸਮ ਵਿੱਚ ਮਲੇਰੀਆ ਅਤੇ ਡੇਂਗੂ ਫੈਲਾਉਣ ਵਾਲਾ ਮੱਛਰ ਪੈਦਾ ਹੋ ਸਕਦੇ ਹਨ ਅਤੇ ਬਿਮਾਰੀਆਂ ਫੈਲਾ ਸਕਦੇ ਹਨ, ਇਸ ਲਈ ਜਰੂਰੀ ਹੈ ਕਿ ਆਪਣੇ ਘਰਾਂ ਅਤੇ ਆਪਣੇ ਆਲੇ ਦੁਆਲੇ ਇੱਕ ਹਫਤੇ ਤੋਂ ਵੱਧ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ
ਅਤੇ ਜੇਕਰ ਪਾਣੀ ਖੜਾ ਹੈ ਤਾਂ ਉਸ ਵਿੱਚ ਕਾਲਾ ਤੇਲ ਜਾਂ ਲਾਰਵਾ ਵਿਰੋਧੀ ਦਵਾਈ ਦਾ ਛਿੜਕਾਅ ਹਰ ਹਫਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆਂ ਤੋਂ ਡਰਣ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਣ ਲਈ ਕੁੱਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਕੂਲਰਾਂ ਨੂੰ ਹਫ਼ਤੇ ਦੇ ਹਰੇਕ ਸ਼ੁਕਰਵਾਰ ਸਾਫ਼ ਕਰਕੇ ਸੁਕਾ ਕੇ ਦੁਬਾਰਾ ਵਰਤੋ, ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਮੌਕੇ ਲਾਲ ਚੰਦ ਜਿਲ਼੍ਹਾ ਹੈਲਥ ਇੰਸਪੈਕਟਰ ਅਤੇ ਭਗਵਾਨ ਦਾਸ ਹੈਲਥ ਇੰਸਪੈਕਟਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸੰਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਅੱਖਾਂ ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਗੁਰਸੇਵਕ ਸਿੰਘ, ਮਨਜੀਤ ਸਿੰਘ, ਹਰਚਰਨ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ। Author: Malout Live