ਕੜਾਕੇ ਦੀ ਗਰਮੀ ਤੋਂ ਲੋਕਾਂ ਨੂੰ ਮਿਲੇਗੀ ਰਾਹਤ, ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਬਾਰਿਸ਼ ਦਾ ਅਲਰਟ ਜਾਰੀ
ਮਲੋਟ/ ਸ਼੍ਰੀ ਮੁਕਤਸਰ ਸਾਹਿਬ:- ਮੌਸਮ ਵਿਭਾਗ ਨੇ ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਗਰਮੀ ਤੋਂ ਜਲਦੀ ਹੀ ਰਾਹਤ ਮਿਲਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਅਨੁਸਾਰ ਭਲਕੇ ਮੌਨਸੂਨ ਪੰਜਾਬ ਵਿੱਚ ਦਸਤਕ ਦੇ ਸਕਦਾ ਹੈ। ਜੇਕਰ 30 ਜੂਨ ਨੂੰ ਮਾਨਸੂਨ ਨਹੀਂ ਆਉਂਦਾ ਤਾਂ ਪਹਿਲੀ ਜੁਲਾਈ ਨੂੰ ਇਸ ਦਾ ਆਉਣਾ ਤੈਅ ਮੰਨਿਆ ਜਾ ਰਿਹਾ ਹੈ। ਮੌਸਮ ਕੇਂਦਰ ਚੰਡੀਗਡ਼੍ਹ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਚੰਡੀਗਡ਼੍ਹ ਦੇ ਕੁੱਝ ਇਲਾਕਿਆਂ ਵਿੱਚ 30 ਜੂਨ ਤੋਂ 1 ਜੁਲਾਈ ਦੌਰਾਨ ਮਾਨਸੂਨ ਦੇ ਅੱਗੇ ਵੱਧਣ ਦੇ ਅਨੁਕੂਲ ਹਾਲਾਤ ਹਨ। ਅਗਲੇ 24 ਤੋਂ 36 ਘੰਟਿਆਂ ਦੌਰਾਨ ਚੰਡੀਗਡ਼੍ਹ ਸਮੇਤ ਪੰਜਾਬ ਤੇ ਹਰਿਆਣੇ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਜਦਕਿ 1 ਜੁਲਾਈ ਨੂੰ ਪੰਜਾਬ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਭਾਰੀ ਬਾਰਿਸ਼ ਨੂੰ ਲੈ ਕੇ ਕਿਸਾਨਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਦੀ ਇਸ ਭਵਿੱਖਬਾਣੀ ਦੇ ਮੱਦੇਨਜ਼ਰ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਭਾਰੀ ਬਾਰਿਸ਼ ਦੇ ਅਲਰਟ ਦੇ ਮੱਦੇਨਜ਼ਰ ਜ਼ਿੰਮੀਦਾਰ ਨੂੰ ਸਾਉਣੀ ਦੀ ਫ਼ਸਲ ਦਾ ਨੁਕਸਾਨ ਹੋਣ ਤੋਂ ਬਚਾਅ ਲਈ ਉਪਰਾਲੇ ਕਰਨ ਦੀ ਹਦਾਇਤ ਦਿੱਤੀ ਗਈ।
Author: Malout Live