ਸੁਤੰਤਰਤਾ ਸੈਨਾਨੀ ਪਰਿਵਾਰਾਂ ਦੀਆਂ ਮੰਗਾਂ ਨਾ ਮੰਨੇ ਜਾਣ ' ਤੇ ਮੰਤਰੀਆਂ ਕੋਠੀਆਂ ਦਾ ਕੀਤਾ ਜਾਵੇਗਾ ਘਿਰਾਓ

ਮਲੋਟ:- ਸਥਾਨਕ ਫ਼ਰੀਡਮ ਫ਼ਾਈਟਰ ਉੱਤਰਾਅਧਿਕਾਰੀ ਸੰਸਥਾ ਦੀ ਮੀਟਿੰਗ ਸਥਾਨਕ ਐਡਵਰਡਗੰਜ ਗੈਸਟ ਹਾਊਸ ਵਿਖੇ ਹੋਈ, ਜਿਸ ਵਿਚ 5 ਜਨਵਰੀ ਨੂੰ ਸੰਗਰੂਰ ਹੋਣ ਵਾਲੀ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਰੂਪ ਰੇਖਾ ਉਲੀਕੀ ਗਈ । ਇਸ ਮੌਕੇ ਸੰਸਥਾ ਦੇ ਪ੍ਰਧਾਨ ਨਿਰਮਲ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਰਕਾਰ ਸੁਤੰਤਰਤਾ ਸੈਨਾਨੀ ਪਰਿਵਾਰਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਲਾਰੇ ਲਗਾ ਕੇ ਇਸ ਨੂੰ ਲਟਕਾਇਆ ਜਾ ਰਿਹਾ ਹੈ। ਜੇਕਰ ਸਰਕਾਰ ਨੇ ਸੁਤੰਤਰਤਾ ਸੈਨਾਨੀ ਪਰਿਵਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 23 ਜਨਵਰੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ' ਤੇ ਇੱਕ ਸੂਬਾ ਪੱਧਰੀ ਮੀਟਿੰਗ ਕਰਨ ਤੋਂ ਬਾਅਦ ਰਾਜ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਓ ਕਰ ਕੇ ਧਰਨੇ ਦਿੱਤੇ ਜਾਣਗੇ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਟੋਲ ਟੈਕਸ ਮੁਆਫ਼ੀ ਸਬੰਧੀ ਕੋਈ ਵੀ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ, ਜਿਸ ਕਾਰਨ ਸੁਤੰਤਰਤਾ ਸੈਨਾਨੀ ਪਰਿਵਾਰਾਂ ਦੀ ਟੋਲ ਪਲਾਜ਼ਿਆਂ ' ਤੇ ਖੱਜਲ ਖੁਆਰੀ ਹੋ ਰਹੀ ਹੈ ।ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਸੁਤੰਤਰਤਾ ਸੈਨਾਨੀ ਪਰਿਵਾਰਾਂ ਦੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਵੇ ਨਹੀਂ ਤਾਂ ਸੰਘਰਸ਼ ਵਿੱਢਿਆ ਜਾਵੇਗਾ ।