ਸੰਗਰੂਰ ਰੋਸ ਰੈਲੀ ਦੌਰਾਨ ਮੁਕਤਸਰ ਤੋ ਭਾਰੀ ਗਿਣਤੀ ‘ਚ ਪਹੁੰਚੇ ਸਿਹਤ ਮੁਲਾਜਮ- ਸੁਖਜੀਤ ਸਿੰਘ ਆਲਮਵਾਲਾ
ਮਲੋਟ: ਪੰਜਾਬ ਸੁਬਾਰਡੀਨੇਟ ਸਰਵਸਿਸ ਫੈਡਰੇਸ਼ਨ 1680-22 ਬੀ ਚੰਡੀਗੜ੍ਹ ਵੱਲੋਂ ਸੰਗਰੂਰ ਵਿਖੇ ਪੰਜਾਬ ਸਰਕਾਰ ਦੁਆਰਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਅੱਜ ਤੱਕ ਪੂਰੇ ਨਾ ਕਰਨ ਦੇ ਰੋਸ ਵਿੱਚ ਇੱਕ ਰੈਲੀ ਕੀਤੀ। ਜਿਸ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਤੇ ਆਸ਼ਾ ਵਰਕਰਾਂ ਵੱਲੋਂ ਸੁਖਜੀਤ ਸਿੰਘ ਆਲਮਵਾਲਾ ਸੂਬਾ ਮੀਤ ਸਕੱਤਰ ਦੀ ਅਗਵਾਈ ਵਿੱਚ ਭਰਵੀ ਸ਼ਮੂਲੀਅਤ ਕੀਤੀ। ਇਸ ਸੰਬੰਧੀ ਸੁਖਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਪਿਛਲੇ 10 ਮਹੀਨਿਆਂ ਦੇ ਕਾਰਜਕਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਇਸ ਮੁਲਾਜਮ ਅਤੇ ਪੈਨਸ਼ਨਰ ਵਿਰੋਧੀ ਵਤੀਰੇ ਨੂੰ ਦੇਖਦੇ ਹੋਏ ਜੱਥੇਬੰਦੀ ਵੱਲੋਂ ਆਪਣੇ ਸੰਘਰਸ਼ ਦਾ ਪ੍ਰੋਗਰਾਮ ਤਿੱਖਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪੰਜਾਬ ਦੇ ਸਾਰੇ ਵਿਭਾਗਾਂ ਬੋਰਡਾਂ, ਨਿਗਮਾਂ ਦੇ ਸਮੂਹ ਕੱਚੇ, ਠੇਕਾ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ, ਆਊਟਸੋਰਸਿੰਗ ਅਤੇ ਠੇਕਾ ਪ੍ਰਣਾਲੀ ਤੁਰੰਤ ਬੰਦ ਕਰਕੇ ਰੈਗੂਲਰ ਕੰਮ ਲਈ ਪੰਜਾਬ ਸਰਕਾਰ/ਬੋਰਡ ਅਤੇ ਨਿਗਮ ਵੱਲੋਂ ਪੂਰੇ ਤਨਖਾਹ ਸਕੇਲਾਂ ਵਿੱਚ ਤੇ ਸਾਰੇ ਭੱਤਿਆਂ ਸਮੇਤ ਰੈਗੂਲਰ ਭਰਤੀ ਕੀਤੀ ਜਾਵੇ। ਪਰਖ ਕਾਲ ਸਮੇਂ ਦੌਰਾਨ ਮੁੱਢਲੀ ਤਨਖਾਹ ਦੇਣ ਦਾ 15-1-2015 ਅਤੇ ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ਦੇਣ ਦਾ 17 ਜੁਲਾਈ 2020 ਨੂੰ ਜਾਰੀ ਪੱਤਰ ਤੁਰੰਤ ਵਾਪਿਸ ਲਏ ਜਾਣ, ਸਾਰੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਵਿੱਚ ਖਾਲੀ ਪਈਆਂ ਅਸਾਮੀਆਂ ਤੇ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਭਰਤੀ ਕੀਤੀ ਜਾਵੇ ਅਤੇ ਪੁਨਰਗਠਨ ਦੇ ਨਾਮ ਤੇ ਖਤਮ ਕੀਤੀਆਂ ਹਜਾਰਾਂ ਅਸਾਮੀਆਂ ਤੁਰੰਤ ਬਹਾਲ ਕੀਤੀਆਂ ਜਾਣ, ਜਨਵਰੀ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਹੂਬਹੂ ਬਹਾਲ ਕਰਨ ਸੰਬੰਧੀ ਵਿਸਤਾਰ ਸਹਿਤ ਨੋਟੀਫਿਕੇਸ਼ਨ ਤੁਰੰਤ ਜਾਰੀ ਕਰਕੇ ਸੰਬੰਧਿਤ ਮੁਲਾਜ਼ਮਾਂ ਦੇ ਤੁਰੰਤ ਜੀ.ਪੀ.ਐੱਫ ਖਾਤੇ ਖੋਲ੍ਹ ਕੇ ਜੀ.ਪੀ.ਐੱਫ ਕਟੌਤੀ ਤੁਰੰਤ ਸ਼ੁਰੂ ਕੀਤੀ ਜਾਵੇ।
ਇਸ ਤੋਂ ਇਲਾਵਾ ਸੰਬੰਧਿਤ ਮੁਲਾਜ਼ਮਾਂ ਦੀ ਪਹਿਲਾਂ ਕੀਤੀਆਂ ਗਈਆਂ ਕਟੌਤੀਆਂ ਦੀਆਂ ਰਕਮਾਂ ਸਮੇਤ ਵਿਆਜ਼ ਵਾਪਿਸ ਲੈ ਕੇ ਮੁਲਾਜ਼ਮਾਂ ਦੇ ਜੀ.ਪੀ.ਐਫ ਖਾਤਿਆਂ ਵਿੱਚ ਤਬਦੀਲ ਕੀਤੀਆਂ ਜਾਣ। ਮੁਲਾਜ਼ਮਾਂ ਦੇ ਪੇਂਡੂ ਭੱਤਾ, ਬਾਰਡਰ ਏਰੀਆ ਭੱਤਾ ਸਮੇਤ ਕੱਟੇ ਵੱਖ-ਵੱਖ 37 ਭੱਤੇ ਬਹਾਲ ਕੀਤੇ ਜਾਣ, ਜੁਲਾਈ 2015 ਤੋਂ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 119 ਫੀਸਦੀ ਡੀ.ਏ. ਦਾ ਬਕਾਇਆ ਦੇਣ ਸੰਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਕੋਰਟ ਦਾ ਫੈਂਸਲਾ ਜਨਰਲਾਈਜ਼ ਕਰਨ ਲਈ ਪੱਤਰ ਤੁਰੰਤ ਜਾਰੀ ਕੀਤਾ ਜਾਵੇ ਕੀਤਾ ਜਾਵੇ। ਇਸ ਦੌਰਾਨ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 01-01-2016 ਤੋਂ 30-06-2021 ਤੱਕ ਸੋਧੀਆਂ ਗਈਆਂ ਤਨਖ਼ਾਹਾਂ/ਪੈਨਸ਼ਨਾਂ, ਲੀਵ ਇਨਕੈਸ਼ਮੈਂਟ ਅਤੇ ਮਹਿੰਗਾਈ ਭੱਤੇ ਦੀਆਂ 38 ਫ਼ੀਸਦੀ ਦੀ ਦਰ ਨਾਲ ਬਣਦੀ ਕਿਸ਼ਤ ਤੁਰੰਤ ਦਿੱਤੀ ਜਾਵੇ ਅਤੇ ਬਣਦਾ ਸਾਰਾ ਬਕਾਇਆ ਯੱਕਮੁਸ਼ਤ ਨਗਦ ਦਿੱਤਾ ਜਾਵੇ, ਆਂਗਨਵਾੜੀ ਵਰਕਰਾਂ ਹੈਲਪਰਾਂ, ਆਸ਼ਾ ਵਰਕਰਾਂ , ਆਸ਼ਾ ਫੈਸੀਲੀਟੇਟਰਾ਼ਂ, ਮਿਡ-ਡੇ ਮੀਲ ਵਰਕਰਾਂ ਤੇ ਹੋਰ ਸਕੀਮ ਵਰਕਰਾਂ ਨੂੰ ਰੈਗੂਲਰ ਕਰਨ ਤੇ ਘੱਟੋ-ਘੱਟ ਉਜ਼ਰਤਾਂ ਦਾ ਕਾਨੂੰਨ ਲਾਗੂ ਕਰਕੇ ਤਨਖਾਹ 26000/- ਰੁਪਏ ਮਹੀਨਾ ਦਿੱਤੀ ਜਾਵੇ, ਮੁਲਾਜਮਾਂ ਤੇ ਪੈਨਸ਼ਨਰਾਂ ਨੂੰ ਫਿਕਸ ਮੈਡੀਕਲ ਭੱਤਾ 2500 ਰੁਪਏ ਮਹੀਨਾ ਦਿੱਤਾ ਜਾਵੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮੁਲਾਜਮ ਆਗੂ ਗੁਰਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਭਗਵਾਨ ਦਾਸ ਪ੍ਰੈੱਸ ਸਕੱਤਰ, ਸਵਰਨਜੀਤ ਕੌਰ ਜਿਲ੍ਹਾ ਮੀਤ ਪ੍ਰਧਾਨ, ਜਗਸੀਰ ਸਿੰਘ ਜਿਲ੍ਹਾ ਪ੍ਰਧਾਨ ਮ.ਪ.ਹੈ.ਇੰਮ. ਯੂਨੀਅਨ ਮੇਲ/ਫੀਮੇਲ, ਸੁਖਵਿੰਦਰ ਸਿੰਘ ਲਾਲੀ, ਜਸਵਿੰਦਰ ਸਿੰਘ ਬਲਾਕ ਪ੍ਰਧਾਨ, ਹਰਮਿੰਦਰ ਸਿੰਘ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਖੁਸ਼ਵਿੰਦਰ ਕੌਰ ਜਿਲ੍ਹਾ ਜਨਰਲ ਸਕੱਤਰ ਆਸ਼ਾ ਵਰਕਰ ਯੂਨੀਅਨ, ਕੁਲਵਿੰਦਰ ਕੌਰ ਜਿਲ੍ਹਾ ਮੀਤ ਪ੍ਰਧਾਨ ਆਸ਼ਾ ਵਰਕਰ ਯੂਨੀਅਨ ਤੇ ਸਮੂਹ ਆਸ਼ਾ ਵਰਕਰ ਸ਼ਾਮਿਲ ਸਨ। Author: Malout Live