ਨਗਰ ਕੌਂਸਲ ਮਲੋਟ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ 'ਮੇਰਾ ਸ਼ਹਿਰ ਮੇਰਾ ਮਾਣ' ਮੁਹਿੰਮ ਦੀ ਕੀਤੀ ਗਈ ਸ਼ੁਰੂਆਤ
ਮਲੋਟ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਲੋਟ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਖੂਬਸੂਰਤ ਬਣਾਉਣ ਲਈ ਨਗਰ ਕੌਂਸਲ ਮਲੋਟ ਵੱਲੋਂ ਆਮ ਆਦਮੀ ਪਾਰਟੀ ਦੇ ਸ਼ਹਿਰੀ (ਮਲੋਟ) ਪ੍ਰਧਾਨ ਕਰਮਜੀਤ ਸ਼ਰਮਾ ਦੀ ਅਗਵਾਈ ਹੇਠ ਅੱਜ ਵਾਰਡ ਨੰ.17 ਵਿੱਚ 'ਮੇਰਾ ਸ਼ਹਿਰ ਮੇਰਾ ਮਾਣ' ਮਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਨਗਰ ਕੌਂਸਲ ਮਲੋਟ ਦੇ ਕਰਮਚਾਰੀਆਂ ਨੇ ਦੱਸਿਆ ਕਿ ਉਹਨਾਂ ਵੱਲੋਂ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਇੱਕ ਵਾਰਡ ਨੂੰ ਚੁਣ ਕੇ ਉੱਥੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾਵੇਗਾ।
ਇਸ ਜਾਗਰੂਕਤਾ ਮੁਹਿੰਮ ਤਹਿਤ ਉਹਨਾਂ ਵੱਲੋਂ ਵਾਰਡ ਵਾਸੀਆਂ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ, ਗਿੱਲਾ-ਸੁੱਕਾ ਕੂੜਾ ਅਲੱਗ-ਅਲੱਗ ਰੱਖਣ ਅਤੇ ਘਰ ਵਿੱਚ ਗਿੱਲੇ ਕੂੜੇ ਤੋਂ ਖਾਦ ਤਿਆਰ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਉਹਨਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਨਗਰ ਕੌਂਸਲ ਦੇ ਨਾਲ-ਨਾਲ ਹਰ ਸ਼ਹਿਰ ਵਾਸੀ ਦੀ ਵੀ ਜਿੰਮੇਵਾਰੀ ਹੈ ਅਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਆਪਣੇ ਸ਼ਹਿਰ ਨੂੰ ਖੂਬਸੂਰਤ ਬਣਾਉਣ ਦੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਸੈਨੇਟਰੀ ਇੰਸਪੈਕਟਰ ਰਾਜ ਕੁਮਾਰ ਅਤੇ ਵਾਰਡ ਇੰਚਾਰਜ ਵਿਜੈ, ਓਮ ਪ੍ਰਕਾਸ਼, ਰਾਮ ਪਰਵਾਲ ਅਤੇ ਇੰਦਰਾਜ ਮੌਜੂਦ ਹੋਏ। Author: Malout Live