ਜ਼ਿਲ੍ਹੇ ਦੇ ਸਾਰੇ ਅਦਾਰਿਆਂ ਦੇ ਨਾਂਮ ਲਿਖੇ ਜਾਣ ਪੰਜਾਬੀ ਭਾਸ਼ਾ ਵਿੱਚ- ਜਗਰੀਤ ਕੌਰ ਸੰਧੂ ਜਿਲ੍ਹਾ ਭਾਸ਼ਾ ਅਫ਼ਸਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ, ਗੈਰ ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁੱਖੀ ਲਿੱਪੀ) ਵਿੱਚ ਲਿਖੇ ਜਾਣ। ਜੇਕਰ ਕਿਸੇ ਹੋਰ ਭਾਸ਼ਾ ਵਿੱਚ ਨਾਂਅ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ ਤੋਂ ਬਾਅਦ ਲਿਖਿਆ ਜਾਵੇ, ਇਹ ਜਾਣਕਾਰੀ ਜਿਲ੍ਹਾ ਭਾਸ਼ਾ ਅਫਸਰ ਸ਼੍ਰੀ ਮੁਕਤਸਰ ਸਾਹਿਬ ਡਾ. ਜਗਰੀਤ ਕੌਰ ਸੰਧੂ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਵੱਲੋਂ

ਇਸ ਸੰਬੰਧੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਕਿ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ‘ਚ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ, ਇਸ ਲਈ ਕਿਸੇ ਪ੍ਰਕਾਰ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮਾਤ ਭਾਸ਼ਾ ਪੰਜਾਬ ਰਾਜ ਦੀ ਜ਼ਿੰਦਜਾਨ ਅਤੇ ਪੰਜਾਬੀਅਤ ਦਾ ਮਾਣ ਹੈ ਅਤੇ ਸਾਡਾ ਸਾਰਿਆਂ ਦਾ ਇਹ ਨੈਤਿਕ ਤੌਰ ਤੇ ਫ਼ਰਜ਼ ਬਣਦਾ ਹੈ ਕਿ ਅਸੀਂ ਮਾਤ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦੇਈਏ। ਉਨ੍ਹਾਂ ਸੰਬੰਧਿਤ ਹੁਕਮਾਂ ਅਧੀਨ ਆਉਂਦੇ ਸਾਰੇ ਅਦਾਰਿਆਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਥਾਨਾਂ ਦੀ ਪੜਤਾਲ ਕਰਨ ਅਤੇ ਸ਼ਬਦ-ਜੋੜ ਠੀਕ ਹੋਣ ਤੇ ਵਿਸ਼ੇਸ਼ ਤੌਰ ’ਤੇ ਧਿਆਨ ਦਿੱਤਾ ਜਾਵੇ। Author: Malout Live