ਸਿਹਤ ਵਿਭਾਗ ਪੰਜਾਬ ਦੇ ਐਨ.ਐਚ. ਐਮ ਤਹਿਤ ਕੰਮ ਕਰਦੇ ਕਰਮਚਾਰੀਆਂ ਨੂੰ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਹੜਤਾਲ ਤੇ ਜਾਣਗੇ ਸਿਹਤ ਕਰਮਚਾਰੀ

ਮਲੋਟ:- ਸਿਹਤ ਵਿਭਾਗ ਪੰਜਾਬ ਅਧੀਨ ਪਿਛਲੇ 15-16 ਸਾਲ ਤੋਂ ਐਨ.ਐਚ.ਐਮ ਕਰਮਚਾਰੀ ਬਹੁਤ ਹੀ ਘੱਟ ਤਨਖਾਹਾਂ ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਕੋਵਿਡ-19 ਦੀ ਮਹਾਂਮਾਰੀ ਦੌਰਾਨ ਇਹਨਾਂ ਕਰਮਚਾਰੀਆਂ ਵੱਲੋਂ ਦਿਨ ਰਾਤ ਇੱਕ ਕਰਕੇ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ ਜਿਸ ਕਰਕੇ ਕਰੋਨਾ ਮਹਾਂਮਾਰੀ ਤੇ ਕੰਟਰੋਲ ਪਾਇਆ ਜਾ ਸਕਿਆ ਹੈ। ਪਰੰਤੂ ਸਰਕਾਰ ਇਹਨਾਂ ਕਰਮਚਾਰੀਆਂ ਨੂੰ ਸਿਰਫ ਪ੍ਰਸ਼ੰਸ਼ਾ ਪੱਤਰ ਦੇ ਕੇ ਹੀ ਵਾਹ-ਵਾਹ ਖੱਟ ਰਹੀ ਹੈ। ਜਦ ਕਿ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨਾ ਹੀ ਇਹਨਾਂ ਕਰਮਚਾਰੀਆਂ ਦਾ ਅਸਲ ਮਾਣ-ਸਨਮਾਨ ਹੋਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਸੂਬਾ ਪ੍ਰਧਾਨ ਗੁਰਪ੍ਰੀਤ ਭੁੱਲਰ ਦੁਆਰਾ ਕੀਤਾ ਗਿਆ। ਉਹਨਾਂ ਅੱਗੇ ਕਿਹਾ ਕਿ ਹਰ ਰੋਜ਼ ਵੱਧ ਰਹੀ ਮਹਿੰਗਾਈ ਦੇ ਵਿੱਚ ਕਰਮਚਾਰੀਆਂ ਦਾ ਗੁਜ਼ਾਰਾ ਵੀ ਬਹੁਤ ਮੁਸ਼ਕਿਲ ਨਾਲ ਹੁੰਦਾ ਹੈ। ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਪੰਜਾਬ ਦੇ ਇਹਨਾਂ ਠੇਕਾ ਅਧਾਰਿਤ ਕਰਮਚਾਰੀਆਂ ਨੂੰ ਰੈਗੂਲਰ ਕਰਨ ਸੰਬੰਧੀ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਉੱਚ ਅਧਿਕਾਰੀਆਂ ਨੂੰ ਪੱਤਰ ਵੀ ਲਿਖੇ ਗਏ ਹਨ। ਪਰੰਤੂ ਉਹਨਾਂ ਵੱਲੋਂ ਅਜੇ ਤੱਕ ਐਨ.ਐਚ.ਐਮ. ਕਰਮਚਾਰੀਆਂ ਨੂੰ ਰੈਗੂਲਰ ਕਰਨ ਸੰਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਇਸ ਕਰਕੇ ਸਮੂਹ ਸਿਹਤ ਕਰਮਚਾਰੀਆਂ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਸਿਹਤ ਵਿਭਾਗ ਦੇ ਸਾਰੇ ਪ੍ਰੋਗਰਾਮਾਂ ਦੇ ਸਮੂਹ ਕਰਮਚਾਰੀ ਮਿਤੀ 14/10/2021 ਨੂੰ ਇੱਕ ਦਿਨ ਦੀ ਸੰਕੇਤਕ ਹੜਤਾਲ ਕਰਨਗੇ। ਇਸ ਦੌਰਾਨ ਕੋਈ ਵੀ ਕੰਮ ਸਿਹਤ ਕਰਮਚਾਰੀਆਂ ਦੁਆਰਾ ਨਹੀਂ ਕੀਤਾ ਜਾਵੇਗਾ। ਜੇਕਰ ਸਰਕਾਰ ਅਤੇ ਵਿਭਾਗ ਇਹਨਾਂ ਕਰਮਚਾਰੀਆਂ ਦੀਆਂ ਮੰਗਾਂ ਨੂੰ ਨਹੀਂ ਮੰਨਦਾ ਤਾਂ ਇਸ ਉਪਰੰਤ ਕਰਮਚਾਰੀਆਂ ਵੱਲੋਂ ਹੋਰ ਤਿੱਖਾ ਸੰਘਰਸ਼ ਅਰੰਭਿਆ ਜਾਵੇਗਾ, ਜਿਸ ਦੀ ਜਿੰਮੇਵਾਰੀ ਸਿਹਤ ਵਿਭਾਗ ਪੰਜਾਬ ਦੀ ਹੋਵੇਗੀ।