13 ਅਗਸਤ ਨੂੰ ਲੱਗੇਗੀ ਜ਼ਿਲ੍ਹੇ ਵਿੱਚ ਕੌਮੀ ਲੋਕ ਅਦਾਲਤ
ਮਲੋਟ:- ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰੁਨਵੀਰ ਵਸ਼ਿਸ਼ਟ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ ਵਿੱਚ 13 ਅਗਸਤ 2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਬੈਂਕ ਰਿਕਵਰੀ ਕੇਸ, ਚੈੱਕ ਬਾਊਂਸ ਕੇਸ, ਟ੍ਰੈਫਿਕ ਚਲਾਨ ਕੇਸ, ਮਿਊਂਸੀਪਲ ਕਮੇਟੀ ਵੱਲੋਂ ਕੀਤੇ ਗਏ ਚਲਾਨ ਕੇਸ, ਬਿਜਲੀ ਬੋਰਡ ਦੇ ਕੇਸ, ਵਾਟਰ-ਸਪਲਾਈ ਦੇ ਕੇਸ, ਜ਼ਿਲ੍ਹਾ ਖਪਤਕਾਰ ਫੋਰਮ ਕੇਸ, ਘਰੇਲੂ ਝਗੜਿਆਂ ਨਾਲ ਸੰਬੰਧਿਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ। ਇਸ ਦੌਰਾਨ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੇ ਸਕੱਤਰ ਸ਼੍ਰੀ ਮਹੇਸ਼ ਗਰੋਵਰ, ਸਿਵਲ ਜੱਜ (ਸੀਨੀਅਰ ਡਵੀਜ਼ਨ) ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ, ਇਸ ਵਿੱਚ ਕੋਰਟ ਫ਼ੀਸ ਵੀ ਵਾਪਿਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ 1968 ਅਤੇ 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live