District NewsMalout News

ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਅਦਾਲਤਾਂ ‘ਚ 13 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਮਲੋਟ (ਜਿਲ੍ਹਾ ਸ਼੍ਰੀ ਮੁਕਤਸਰ): ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸੈਸ਼ਨ ਜੱਜ ਨੇ ਦੱਸਿਆ ਕਿ 13 ਮਈ, 2023 ਦਿਨ ਸ਼ਨੀਵਾਰ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਦੀਵਾਨੀ ਅਤੇ ਫੌਜ਼ਦਾਰੀ ਅਦਾਲਤਾਂ ‘ਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਸਮੂਹ ਜੁਡੀਸ਼ੀਅਲ ਅਫ਼ਸਰਾਂ ਨੂੰ ਕਿਹਾ ਕਿ ਕੌਮੀ ਲੋਕ ਅਦਾਲਤ ‘ਚ ਵੱਧ ਤੋਂ ਵੱਧ ਕੇਸਾਂ ਦੇ ਆਪਸੀ ਸੁਲਾਹ-ਸਮਝੌਤੇ ਰਾਹੀਂ ਰਾਜ਼ੀਨਾਮਾ ਕਰਵਾਉਣ ਲਈ ਉਪਰਾਲੇ ਕੀਤੇ ਜਾਣ। ਇਸ ਦੌਰਾਨ ਉਨਾਂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਦੱਸਿਆ ਕਿ ਕੌਮੀ ਲੋਕ ਅਦਾਲਤ ‘ਚ ਸਾਰੇ ਦਿਵਾਨੀ, ਸਮਝੌਤਾ-ਯੋਗ ਫ਼ੌਜ਼ਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਮਜ਼ਦੂਰਾਂ ਨਾਲ ਸੰਬੰਧਿਤ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸੰਬੰਧੀ, ਘਰੇਲੂ ਝਗੜਿਆਂ ਸੰਬੰਧੀ ਅਤੇ ਭੌਂ-ਪ੍ਰਾਪਤੀ ਮਾਮਲੇ ਨਾਲ ਸੰਬੰਧਿਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸ ਵਿਚਾਰੇ ਜਾਣਗੇ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਇਨ੍ਹਾਂ ਵਿਸ਼ਿਆਂ ਨਾਲ ਸੰਬੰਧਿਤ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ, ਉਹ ਸੰਬੰਧਿਤ ਕੋਰਟ ‘ਚ ਜਿੱਥੇ ਉਨ੍ਹਾਂ ਦਾ ਕੇਸ ਚੱਲਦਾ ਹੈ, ਆਪਣੀ ਅਰਜ਼ੀ ਦੇ ਸਕਦੇ ਹਨ ਜਾਂ ਨਵੇਂ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸੰਬੰਧਿਤ ਕਾਨੂੰਨੀ ਸੇਵਾਵਾਂ ਅਥਾਰਟੀ/ਕਮੇਟੀ ਦੇ ਦਫ਼ਤਰ ‘ਚ ਆਪਣੀ ਅਰਜ਼ੀ ਦੇ ਸਕਦੇ ਹਨ। ਇਸ ਮੌਕੇ ਲੋਕ ਅਦਾਲਤਾਂ ‘ਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆਂ ਅਥਾਰਟੀ ਦੇ ਸਕੱਤਰ, ਹਰਪ੍ਰੀਤ ਕੌਰ ਨੇ ਇਹ ਵੀ ਦੱਸਿਆ ਕਿ ਲੋਕ ਅਦਾਲਤ ‘ਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਇਸ ‘ਚ ਕੋਰਟ ਫ਼ੀਸ ਵੀ ਵਾਪਸ ਹੋ ਜਾਂਦੀ ਹੈ। ਇਸ ‘ਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਲੇ ਅੰਤਿਮ ਹੁੰਦੇ ਹਨ, ਜਿਸ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ ਅਤੇ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ। ਇਸ ਤੋਂ ਇਲਾਵਾ ਹੋਰ ਵਧੇਰੇ ਜਾਣਕਾਰੀ ਲੈਣ ਲਈ ਦਫ਼ਤਰੀ ਟੈਲੀਫੋਲ ਨੰਬਰ 01633-261124 ਅਤੇ ਟੋਲ ਫਰੀ ਨੰਬਰ 1968 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Author: Malout Live

Back to top button