ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਡੀ.ਏ.ਪੀ ਅਤੇ ਯੂਰੀਆ ਖਾਦ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ੍ਰ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਹਾੜ੍ਹੀ ਸੀਜ਼ਨ 2023-24 ਦੌਰਾਨ ਕਿਸਾਨਾਂ ਨੂੰ ਡੀ.ਏ.ਪੀ ਅਤੇ ਯੂਰੀਆ ਖਾਦ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਸੰਬੰਧੀ ਇੱਕ ਅਹਿਮ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਦੱਸਿਆ ਕਿ ਸਰਕਾਰ ਵੱਲੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਉਪਲੱਬਧਤਾ ਸਮੇਂ ਸਿਰ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਬਿਜਾਈ ਲਈ ਡੀ.ਏ.ਪੀ ਖਾਦ ਉਹ ਆਪਣੇ ਪਿੰਡ ਦੀ ਸਹਿਕਾਰੀ ਸਭਾ ਤੋਂ ਲੈਣ। ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਸਹਿਕਾਰੀ ਸਭਾ ਜਾਂ ਪ੍ਰਾਈਵੇਟ ਖਾਦ ਵਿਕਰੇਤਾ ਵੱਲੋਂ ਖਾਦ ਨਾਲ ਕਿਸੇ ਪ੍ਰਕਾਰ ਦੀ ਅਣਚਾਹੀ ਵਸਤੂ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕੋਈ ਟੈਗਿੰਗ ਬਰਦਾਸ਼ਤ ਕੀਤੀ ਜਾਵੇਗੀ। ਉਨ੍ਹਾਂ ਖਾਦ ਦੀ ਵੰਡ ਨੂੰ ਯਕੀਨੀ ਬਣਾਉਣ ਲਈ ਅਤੇ ਖਾਦ ਨਾਲ ਟੈਗਿੰਗ ਨੂੰ ਰੋਕਣ ਲਈ ਮੁੱਖ ਖੇਤੀਬਾੜੀ ਅਫਸਰ ਅਤੇ ਡਿਪਟੀ ਰਜਿਸਟਰਾਰ ਨੂੰ ਸਖਤ ਹਦਾਇਤਾਂ ਵੀ ਕੀਤੀਆਂ।
ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 40,000 ਮੀਟ੍ਰਿਕ ਟਨ ਡੀ.ਏ.ਪੀ ਖਾਦ ਦੀ ਜਰੂਰਤ ਹੈ ਅਤੇ ਲੋੜ ਅਨੁਸਾਰ ਡੀ.ਏ.ਪੀ ਖਾਦ ਜਿਲ੍ਹੇ ਵਿੱਚ ਪਹੁੰਚ ਰਹੀ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਾਪਤ ਹੋ ਰਹੀ ਡੀ.ਏ.ਪੀ ਖਾਦ ਦਾ 80% ਹਿੱਸਾ ਮਾਰਕਫੈੱਡ ਰਾਹੀਂ ਸਹਿਕਾਰੀ ਸਭਾਵਾਂ ਨੂੰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਡਿਪਟੀ ਰਜਿਸਟਰਾਰ, ਸਹਿਕਾਰੀ ਸਭਾਵਾਂ ਸ਼੍ਰੀ ਅਭੀਤੇਸ਼ ਸਿੰਘ ਸੰਧੂ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਵਿੱਚ ਆ ਰਹੀ ਡੀ.ਏ.ਪੀ ਖਾਦ ਦੀ ਵੰਡ ਸੰਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਜਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਪਹਿਲ ਦੇ ਅਧਾਰ ਤੇ ਆਪਣੇ ਮੈਂਬਰਾਂ ਨੂੰ ਖਾਦ ਉਪਲੱਬਧ ਕਰਵਾਉਣਗੇ ਅਤੇ ਸਹਿਕਾਰੀ ਸਭਾਵਾਂ ਵੱਲੋਂ ਡੀ.ਏ.ਪੀ ਖਾਦ ਦੀ ਵੰਡ ਦਾ ਮੁਕੰਮਲ ਰਿਕਾਰਡ ਵੀ ਰੱਖਿਆ ਜਾਵੇਗਾ। ਇਸ ਮੀਟਿੰਗ ਵਿੱਚ ਸ਼੍ਰੀ ਕੰਵਰਜੀਤ ਸਿੰਘ ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ, ਸ਼੍ਰੀ ਜਸ਼ਨਜੀਤ ਸਿੰਘ ਐੱਸ.ਡੀ.ਐੱਮ.ਗਿੱਦੜਬਾਹਾ, ਡੀ.ਐੱਮ ਮਾਰਕਫੈੱਡ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੌਜੂਦ ਸਨ। Author: Malout Live