ਅੱਜ ਤੋਂ ਪੰਜਾਬ ਵਿੱਚ 'ਝੋਨੇ' ਦੀ ਸਰਕਾਰੀ ਖ਼ਰੀਦ ਸ਼ੁਰੂ
ਮਲੋਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਵਿੱਚ ਝੋਨੇ ਦੀ ਪਹਿਲੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਅੱਜ ਤੋਂ ਸ਼ੁਰੂ ਹੋ ਰਹੇ ਖ਼ਰੀਫ ਮਾਰਕੀਟਿੰਗ ਸੀਜ਼ਨ 2022-23 ਦੌਰਾਨ ਕਿਸੇ ਵੀ ਕਿਸਾਨ ਨੂੰ ਮੰਡੀਆਂ 'ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪੰਜਾਬ ਸਰਕਾਰ ਨੇ 187 ਲੱਖ ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਵਿੱਚ ਇਸ ਵਾਰ 30.84 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਬਿਜਾਈ ਹੋਈ ਹੈ।
ਇਸ ਵਾਰ ਪੰਜਾਬ ਸਰਕਾਰ ਨੇ 200 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕਰਨ ਦਾ ਟੀਚਾ ਮਿੱਥਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਕਿਸਾਨ ਇਸ ਖੇਤੀ ਪ੍ਰਧਾਨ ਸੂਬੇ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ। ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਉਪਭੋਗਤਾ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਖ਼ਰੀਫ਼ ਸੀਜ਼ਨ 2022-23 ਦੌਰਾਨ ਸਮੂਹ ਖ਼ਰੀਦ ਏਜੰਸੀਆਂ ਭਾਰਤ ਸਰਕਾਰ ਵਲੋਂ ਨਿਰਧਾਰਿਤ ਕੀਤੇ ਗਏ ਘੱਟੋ-ਘੱਟ ਸਮਰਥਨ ਮੁੱਲ ਰੁਪਏ 2060 ਪ੍ਰਤੀ ਕੁਇੰਟਲ ਝੋਨਾ ਗ੍ਰੇਡ-ਏ ਅਤੇ ਰੁਪਏ 2040 ਪ੍ਰਤੀ ਕੁਇੰਟਲ ਝੋਨਾ ਕਾਮਨ ਵਰਾਇਟੀ ’ਤੇ ਖ਼ਰੀਦਣਗੀਆਂ। ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ ਹੋਵੇਗੀ ਜੋ ਕਿ 30 ਨਵੰਬਰ 2022 ਤੱਕ ਚੱਲੇਗੀ। Author: Malout Live