ਦੁਸ਼ਹਿਰਾ ਅਤੇ ਦੀਵਾਲੀ ਮੌਕੇ ਸਿਹਤ ਵਿਭਾਗ ਵੱਲੋਂ ਮਿਠਾਈ ਵਿਕਰੇਤਾਵਾਂ ਨੂੰ ਵਧੀਆਂ ਅਤੇ ਮਿਲਾਵਟ ਰਹਿਤ ਮਿਠਾਈਆਂ ਵੇਚਣ ਦੀ ਕੀਤੀ ਹਦਾਇਤ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੀਟਾ ਬਾਲਾ ਸਿਵਲ ਸਰਜਨ ਨੇ ਜਿਲ੍ਹਾ ਨਿਵਾਸੀਆਂ ਨੂੰ ਦੁਸ਼ਹਿਰਾ ਅਤੇ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਤੰਦਰੁਸਤ ਰਹਿਣ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਰੀਟਾ ਬਾਲਾ ਸਿਵਲ ਸਰਜਨ ਨੇ ਕਿਹਾ ਕਿ ਤਿਉਹਾਰ ਦੇ ਮੱਦੇਨਜਰ ਲੋਕਾਂ ਨੂੰ ਸ਼ੁੱਧ ਘਰ ਦਾ ਖਾਣਾ, ਘਰ ਦੀਆਂ ਬਣੀਆਂ ਮਿਠਾਈਆਂ ਅਤੇ ਫ਼ਲ ਖਾਣ ਨੂੰ ਤਰਜੀਹ ਦੇਣੀ ਚਾਹੀਦੀ ਹੈ ਅਤੇ ਬਾਜ਼ਾਰਾਂ ਦੇ ਖਾਣੇ, ਸ਼ਰਾਬ ਅਤੇ ਹੋਰ ਨਸ਼ਿਆਂ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਤਾਂ ਜੋ ਬੀਮਾਰੀਆਂ ਤੋਂ ਬਚਿਆ ਜਾ ਸਕੇ ਅਤੇ ਤੰਦਰੁਸਤ ਰਿਹਾ ਜਾ ਸਕੇ। ਉਹਨਾਂ ਜਿਲ੍ਹੇ ਦੇ ਮਿਠਾਈ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਸਾਫ਼-ਸੁਥਰੀਆਂ ਅਤੇ ਮਿਲਾਵਟ ਰਹਿਤ ਮਿਠਾਈਆਂ ਹੀ ਵੇਚੀਆਂ ਜਾਣ। ਸਿਹਤ ਵਿਭਾਗ ਦੀ ਟੀਮ ਵੱਲੋਂ ਦਿਵਾਲੀ ਮੌਕੇ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਵਿਸ਼ੇਸ਼ ਤੌਰ ਤੇ ਜਾਂਚ ਕੀਤੀ ਜਾ ਰਹੀ ਹੈ, ਜਿੱਥੇ ਕਿਤੇ ਵੀ ਕੋਈ ਮਿਲਾਵਟ ਜਾਂ ਨਕਲੀ ਮਠਿਆਈਆਂ ਦਾ ਸ਼ੱਕ ਹੁੰਦਾ ਹੈ ਉੱਥੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ। ਉਹਨਾਂ ਕਿਹਾ ਕੇ ਮਿਲਵਾਟ ਖੋਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਤਾਂ ਜੋ ਲੋਕਾਂ ਨੂੰ ਸ਼ੁੱਧ ਅਤੇ ਸਾਫ-ਸੁਥਰੀਆਂ ਖਾਣ ਵਾਲੀਆਂ ਵਸਤੂਆਂ ਮਿਲ ਸਕਣ।
ਇਸ ਮੌਕੇ ਉਨ੍ਹਾਂ ਜਿਲ੍ਹਾ ਨਿਵਾਸੀਆਂ ਨੂੰ ਇਸ ਵਾਰ ਪ੍ਰਦੂਸ਼ਣ ਅਤੇ ਪਟਾਖਿਆਂ ਤੋਂ ਰਹਿਤ ਦੁਸ਼ਹਿਰਾ ਅਤੇ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਪਟਾਖਿਆਂ ਤੋਂ ਨਿਕਲਿਆ ਧੂੰਆਂ ਕਈ ਬਿਮਾਰੀਆਂ ਜਿਵੇ ਸਾਹ, ਦਮਾ ਅਤੇ ਚਮੜੀ ਦੀਆਂ ਬਿਮਾਰੀਆਂ ਦਾ ਕਾਰਨ ਬਣਦਾ ਹੈ। ਇਸ ਲਈ ਸਾਹ ਦੀ ਤਕਲੀਫ਼ ਵਾਲੇ ਮਰੀਜਾਂ ਨੂੰ ਦਿਵਾਲੀ ਵਾਲੇ ਦਿਨ ਘਰਾਂ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ। ਇਹ ਧੂੰਆਂ ਅਤੇ ਪਟਾਖਿਆਂ ਦੀ ਰਹਿੰਦ ਖੂੰਹਦ ਵਾਤਾਵਾਰਣ ਨੂੰ ਵੀ ਪ੍ਰਦੂਸ਼ਿਤ ਕਰਦੀ ਹੈ। ਉਹਨਾਂ ਕਿਹਾ ਕਿ ਜੇਕਰ ਬੱਚੇ ਪਟਾਖੇ ਚਲਾਉਂਦੇ ਹਨ ਤਾਂ ਵੱਡਿਆਂ ਦੀ ਨਿਗਰਾਨੀ ਵਿੱਚ ਚਲਾਉਣ ਅਤੇ ਹੱਥਾਂ ਵਿੱਚ ਫੜ ਕੇ ਨਾ ਚਲਾਉਣ, ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰੇ। ਉਹਨਾਂ ਕਿਹਾ ਕਿ ਦਿਵਾਲੀ ਮੌਕੇ ਰੇਸ਼ਮੀ ਅਤੇ ਢਿੱਲੇ ਕੱਪੜੇ ਨਾ ਪਾਏ ਜਾਣ। ਉਹਨਾਂ ਕਿਹਾ ਕਿ ਅਣਚੱਲੇ ਪਟਾਖਿਆਂ ਨੂੰ ਬੱਚੇ ਦੁਬਾਰਾ ਚਲਾਉਣ ਦੀ ਕੋਸ਼ਿਸ਼ ਕਰਦੇ ਹਨ, ਅਣਚੱਲੇ ਪਟਾਖੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਹ ਅਣਚੱਲੇ ਪਟਾਖੇ ਕਿਸੇ ਵੀ ਸਮੇਂ ਫਟ ਸਕਦੇ ਹਨ ਅਤੇ ਕਿਸੇ ਦੁਰਘਟਨਾ ਨੂੰ ਅੰਜਾਮ ਦੇ ਸਕਦੇ ਹਨ। Author: Malout Live