ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ ‘ਤੇ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਜੱਥੇਬੰਦੀਆਂ ਕੱਲ੍ਹ ਕਰਨਗੀਆਂ ਪ੍ਰਦਰਸ਼ਨ
ਮਲੋਟ:- ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ ‘ਤੇ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਜੱਥੇਬੰਦੀਆਂ ਕੱਲ੍ਹ 4 ਮਾਰਚ ਨੂੰ ਅਰਥੀ ਫੂਕ ਪ੍ਰਦਰਸ਼ਨ ਕਰਨਗੀਆਂ। ਡਿਪਟੀ ਕਮਿਸ਼ਨਰਾਂ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਮ ‘ਤੇ ਮੰਗ ਪੱਤਰ ਦਿੱਤੇ ਜਾਣਗੇ। ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਂਨੇਜ਼ਮੈਂਟ ਬੋਰਡ ਵਿੱਚ ਪੰਜਾਬ ਦੀ ਸ਼ਰਤੀਆ ਨੁਮਾਇੰਦਗੀ ਖ਼ਤਮ ਕਰਕੇ ਬੋਰਡ ਨੂੰ ਕੇਂਦਰੀ ਫੋਰਸ ਰਾਹੀਂ ਪੰਜਾਬ ਤੋਂ ਖੋਹ ਲੈਣ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਪੰਜਾਬ ਦੀਆਂ ਜੱਥੇਬੰਦੀਆਂ ਵੱਲੋਂ ਕੱਲ੍ਹ ਪਿੰਡਾਂ ਵਿੱਚ ਅਰਥੀ ਫੂਕ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਇਸ ਗੱਲ ਦੀ ਜਾਣਕਾਰੀ ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਪੱਤਰਕਾਰਾਂ ਨੂੰ ਜਾਰੀ ਕੀਤੀ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਜੱਥੇਬੰਦੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ, ਲੋਕ ਭਲਾਈ ਵੈਲਫੇਅਰ ਸੁਸਾਇਟੀ, ਦਸੂਹਾ ਗੰਨਾ ਸੰਘਰਸ਼ ਕਮੇਟੀ, ਅਜ਼ਾਦ ਕਿਸਾਨ ਕਮੇਟੀ ਦੋਆਬਾ, ਕਿਰਤੀ ਕਿਸਾਨ ਯੂਨੀਅਨ ਪੰਜਾਬ,
ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਜੈ ਕਿਸਾਨ ਅੰਦੋਲਨ, ਕੁੱਲ ਹਿੰਦ ਕਿਸਾਨ ਸਭਾ ਪੰਜਾਬ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਭਾਰਤੀ ਕਿਸਾਨ ਯੂਨੀਅਨ ਖੋਸਾ,ਦੋਆਬਾ ਵੈਲਫੇਅਰ ਸੰਘਰਸ਼ ਕਮੇਟੀ, ਪੱਗੜੀ ਸੰਭਾਲ ਲਹਿਰ, ਬਾਡਰ ਕਿਸਾਨ ਸੰਘਰਸ਼ ਯੂਨੀਅਨ, ਕੰਡੀ ਏਰੀਆ ਸੰਘਰਸ਼ ਕਮੇਟੀ, ਕਿਸਾਨ ਤੇ ਜਵਾਨ ਭਲਾਈ ਯੂਨੀਅਨ, ਅਜਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ, ਮਾਝਾ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਮਜ਼ਦੂਰ ਯੂਨੀਅਨ ਮਾਝਾ, ਭਾਰਤੀ ਕਿਸਾਨ ਯੂਨੀਅਨ, ਮਾਝਾ ਨੇ ਜੂਮ ਮੀਟੰਗ ਤੋਂ ਬਆਦ ਇਕਜੁੱਟ ਬਿਆਨ ਦਿੰਦਿਆਂ ਕਿਹਾ ਹੈ ਕਿ ਸੂਬਿਆਂ ਦੇ ਅਧਿਕਾਰਾਂ ‘ਤੇ ਇੱਕ ਹੋਰ ਵੱਡਾ ਹਮਲਾ ਬੋਲਦਿਆਂ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜ਼ਮੈਂਟ ਬੋਰਡ ਵਿੱਚ ਪੰਜਾਬ ਅਤੇ ਹਰਿਆਣਾ ਦੀ ਨੁਮਾਇੰਦਗੀ ਦਾ ਹੱਕ ਖੋਹ ਕੇ ਆਪਣੇ ਹੱਥ ਵਿੱਚ ਲੈ ਲਿਆ ਹੈ। ਜਿਸ ਨਾਲ ਸੂਬੇ ਅੰਦਰ ਵੱਡਾ ਆਰਥਿਕ ਅਤੇ ਭੂਗੋਲਿਕ ਨੁਕਸਾਨ ਹੋਵੇਗਾ। ਆਗੂਆਂ ਨੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ। ਅਗਲੀ ਰਣਨੀਤੀ ਉਲੀਕਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 7 ਮਾਰਚ ਨੂੰ ਲੁਧਿਆਣਾ ਵਿਖੇ ਰੱਖ ਲਈ ਗਈ ਹੈ।