ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਵਲ ਹਸਪਤਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਮੁਕਤਸਰ ਸਾਹਿਬ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।ਜਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਅਥਾਰਟੀ ਰਾਜ ਕੁਮਾਰ ਦੀਆਂ ਹਦਾਇਤਾਂ ਤੇ ਲੱਗੇ ਇਸ ਸੈਮੀਨਾਰ ਚ ਸੀ.ਜੇ.ਐੱਮ ਕਮ ਸਕੱਤਰ ਹਰਪ੍ਰੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਅਤੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕੀਤਾ। ਸੀ.ਜੇ.ਐੱਮ ਕਮ ਸਕੱਤਰ ਹਰਪ੍ਰੀਤ ਕੌਰ ਨੇ ਕਿਹਾ ਕਿ ਜਿਲ੍ਹੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਲੋੜਵੰਦਾਂ ਨੂੰ ਜਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਆ ਕੇ ਕਾਨੂੰਨੀ ਸਲਾਹ/ਸਹਾਇਤਾ ਲੈਣ ਸੰਬੰਧੀ ਵੀ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਸਿਹਤ ਵਿਭਾਗ ਵੱਲੋਂ ਡੀ.ਐੱਮ.ਸੀ ਡਾ. ਵੰਦਨਾ ਬਾਂਸਲ, ਐੱਸ.ਐੱਮ.ਓ ਡਾ. ਰਾਹੁਲ ਜਿੰਦਲ, ਜਿਲ੍ਹਾ ਬਾਲ ਸੁਰੱਖਿਆ ਅਫਸਰ ਡਾ. ਸ਼ਿਵਾਨੀ ਨਾਗਪਾਲ, ਹੈਲਥ ਇੰਸਪੈਕਟਰ ਭਗਵਾਨ ਦਾਸ ਨੇ ਵੀ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਕਾਉਂਸਲਰ ਲਖਵੀਰ ਕੌਰ, ਨਵਜੋਤ ਸਿੰਘ ਸਮੇਤ ਸਮੂਹ ਓਟ ਕਲੀਨਿਕ ਸਟਾਫ, ਹਸਪਤਾਲ ਚ ਪਹੁੰਚੇ ਮਰੀਜ ਤੇ ਆਮ ਨਾਗਰਿਕ ਮੌਜੂਦ ਸਨ। Author: Malout Live