ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਜਲਦੀ ਨਿਪਟਾਰਾ ਕਰਨ ਲਈ ਮੰਡੀ ਬਰੀਵਾਲਾ ਵਿਖੇ ਪ੍ਰੋਗਰਾਮ ਦਾ ਆਯੋਜਨ
ਮਲੋਟ: ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਏਰੀਏ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦੀ ਅਤੇ ਮੌਕੇ 'ਤੇ ਨਿਪਟਾਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਇਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਗੱਲ ਦਾ ਪ੍ਰਗਟਾਵਾ ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ ਜ਼ਿਲ੍ਹਾ, ਵਿਕਾਸ ਅਤੇ ਪੰਚਾਇਤ ਅਫ਼ਸਰ ਨੇ ਮੰਡੀ ਬਰੀਵਾਲਾ ਵਿਖੇ ਆਯੋਜਿਤ ਕੀਤੇ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਦੌਰਾਨ ਮੰਡੀ ਬਰੀਵਾਲਾ ਦੇ ਵਸਨੀਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਕਿ ਮੰਡੀ ਬਰੀਵਾਲਾ ਵਿਖੇ ਸੀਵਰੇਜ਼ ਦੇ ਗੰਦੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਮੰਡੀ ਬਰੀਵਾਲਾ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼-ਸੁਥਰੇ ਪਾਣੀ ਮੁਹੱਈਆਂ ਕਰਵਾਇਆ ਜਾਵੇ ਤਾਂ ਜੋ
ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀ ਬਰੀਵਾਲਾ ਦੇ ਵਸਨੀਕਾਂ ਨੂੰ ਵਿਸ਼ਵਾਸ਼ ਦੁਆਇਆ ਗਿਆ ਕਿ ਮੰਡੀ ਬਰੀਵਾਲਾ ਦੀ ਬਿਹਤਰੀ ਲਈ ਯੋਗ ਉਪਰਾਲੇ ਕੀਤੇ ਜਾਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਇਲਾਕਾ ਨਿਵਾਸੀਆਂ ਵੱਲੋਂ ਮੰਗ ਕੀਤੀ ਗਈ ਕਿ ਵਸੋਂ ਦੇ ਲਿਹਾਜ ਨਾਲ ਨਗਰ ਪੰਚਾਇਤ ਦੀ ਹਦੂਦ ਵਿੱਚ ਵਾਧਾ ਕੀਤਾ ਜਾਵੇ। ਉਹਨਾਂ ਵੱਲੋਂ ਨਗਰ ਪੰਚਾਇਤ ਦੇ ਕਰਮਚਾਰੀਆਂ ਨੂੰ ਤਨਖਾਹ ਨਾ ਮਿਲਣ ਕਾਰਨ ਜੋ ਕਰਮਚਾਰੀ ਧਰਨੇ 'ਤੇ ਬੈਠੇ ਹਨ, ਉਹਨਾਂ ਦੀ ਤਨਖਾਹ ਦਾ ਪ੍ਰਬੰਧ ਜਲਦੀ ਕਰਵਾਉਣ ਦਾ ਭਰੋਸਾ ਦਿਵਾਉਣ ਉਪਰੰਤ ਧਰਨਾ ਸਮਾਪਤ ਕਰਵਾਇਆ। ਇਸ ਮੌਕੇ ਰਜਨੀਸ਼ ਕੁਮਾਰ ਕਾਰਜ ਸਾਧਕ ਅਫ਼ਸਰ ਅਤੇ ਹਰਜਿੰਦਰਪਾਲ ਸਿੰਘ ਨਾਇਬ ਤਹਿਸੀਲਦਾਰ ਵੀ ਮੌਜੂਦ ਰਹੇ। Author: Malout Live