ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਪਿੰਡ ਬਧਾਈ ਵਿਖੇ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ
ਮਲੋਟ:- ਪੰਜਾਬ ਸਰਕਾਰ ਵੱਲੋਂ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਬਲਾਕ ਸ਼੍ਰੀ ਮੁਕਤਸਰ ਸਾਹਿਬ ਦੇ ਅਧੀਨ ਆਉਂਦੇ ਪਿੰਡ ਬਧਾਈ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਸ਼ਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕਰਨ ਨਾਲ ਧਰਤੀ ਹੇਠਲੇ ਪਾਣੀ, ਲੇਬਰ ਅਤੇ ਬਿਜਲੀ ਦੀ ਵੀ ਬੱਚਤ ਹੁੰਦੀ ਹੈ। ਇਸ ਵਿਧੀ ਨਾਲ 10 ਤੋਂ 12 ਪ੍ਰਤੀਸ਼ਤ ਪਾਣੀ ਦਾ ਧਰਤੀ ਵਿਚ ਰਿਚਾਰਜ਼ ਵੱਧ ਹੁੰਦਾ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤਰ ਵੱਤਰ ਵਿਧੀ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਕੈਂਪ ਦੌਰਾਨ ਤਰ ਵੱਤਰ ਵਿਧੀ ਬਾਰੇ ਦੱਸਿਆ ਗਿਆ ਕਿ ਇਸ ਵਿਧੀ ਵਿੱਚ ਬਿਜਾਈ ਦੇ ਤੁਰੰਤ ਬਾਅਦ ਨਦੀਨਾਂ ਦੀ ਰੋਕਥਾਮ ਲਈ ਪੈਂਡੀਮੈਥਾਲੀਨ 1 ਲੀਟਰ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲੀਟਰ ਪਾਣੀ ਵਿੱਚ ਮਿਲਾ ਕੇ ਛਿੜਕਾਅ ਕਰੋ। ਇਸ ਮੌਕੇ ਹਰਮਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਿਸਾਨਾਂ ਨੂੰ ਨਰਮੇਂ ਦੀ ਫ਼ਸਲ ਸਬੰਧੀ ਮੁੱਢਲੀ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਬਰਾੜ ਵੱਲੋਂ ਆਏ ਹੋਏ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ, ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਖੇਤੀ ਇਨਪੁਟਸ ਖ੍ਰੀਦਣ ਸਮੇਂ ਪੱਕਾ ਬਿੱਲ ਲੈਣ ਲਈ ਪ੍ਰੇਰਿਤ ਕੀਤਾ ਗਿਆ।ਇਸ ਮੌਕੇ ਪਿੰਡ ਦੇ ਸਰਪੰਚ ਅਤੇ ਹੋਰ ਅਗਾਂਹਵਧੂ ਕਿਸਾਨ ਮੌਜ਼ੂਦ ਸਨ। Author : Malout Live