ਪਰਾਲੀ ਸਾੜੀ ਤਾਂ ਜਮੀਨ ਰਿਕਾਰਡ ਵਿੱਚ ਹੋਵੇਗੀ ਲਾਲ ਐਂਟਰੀ, ਅਸਲਾ ਲਾਇਸੈਂਸ ਹੋਵੇਗਾ ਰੱਦ- ਡਿਪਟੀ ਕਮਿਸ਼ਨਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਆਈ.ਏ.ਐੱਸ ਨੇ ਜਿਲ੍ਹੇ ਦੇ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਆਖਿਆ ਹੈ ਕਿ ਕਿਸਾਨ ਵੀਰ ਪਰਾਲੀ ਨੂੰ ਸਾੜਨ ਦੀ ਬਜਾਏ ਇਸਦੇ ਖੇਤੀਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਇਸਦਾ ਨਿਪਟਾਰਾ ਕਰਕੇ ਕਣਕ ਦੀ ਬਿਜਾਈ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਹਾ ਕਿ ਪਰਾਲੀ ਕਿਸਾਨ ਲਈ ਸਮੱਸਿਆ ਨਹੀਂ ਸਗੋਂ ਉਸਦੀ ਜਮੀਨ ਦੀ ਖੁਰਾਕ ਹੈ। ਪਰਾਲੀ ਵਿੱਚ ਬਹੁਤਾਤ ਵਿੱਚ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਜੇਕਰ ਇਸ ਨੂੰ ਖੇਤ ਵਿੱਚ ਹੀ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਕਿਸਾਨਾਂ ਦੀ ਜਮੀਨ ਦੀ ਉਪਜਾਊ ਸ਼ਕਤੀ ਵਧੇਗੀ। ਉਨ੍ਹਾਂ ਨੇ ਕਿਹਾ ਕਿ ਇਸ ਦੇ ਪ੍ਰਬੰਧਨ ਲਈ ਸਰਕਾਰ ਵੱਲੋਂ ਵੱਡੇ ਪੱਧਰ ਤੇ ਮਸ਼ੀਨਾਂ ਉਪਲੱਬਧ ਕਰਵਾਈਆਂ ਗਈਆਂ ਹਨ ਅਤੇ ਇਸ ਸੰਬੰਧੀ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਕੇ ਉਪਲੱਬਧ ਮਸ਼ੀਨਾਂ ਦੀ ਜਾਣਕਾਰੀ ਲੈ ਸਕਦੇ ਹਨ।

ਉਨ੍ਹਾਂ ਨੇ ਕਿਹਾ ਕਿ ਆਈ ਖੇਤ ਮੋਬਾਇਲ ਐਪ ਰਾਹੀਂ ਵੀ ਕਿਸਾਨ ਨੇੜੇ ਕਿਰਾਏ ਲਈ ਉਪਲੱਬਧ ਮਸ਼ੀਨਾਂ ਦੀ ਜਾਣਕਾਰੀ ਲੈ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਸਾੜਨ ਨਾ ਸਗੋਂ ਇਸਦਾ ਉੱਚਿਤ ਤਰੀਕੇ ਨਾਲ ਨਿਪਟਾਰਾ ਕਰਨ। ਡਿਪਟੀ ਕਮਿਸ਼ਨਰ ਨੇ ਨਾਲ ਹੀ ਕਿਹਾ ਕਿ ਜੇਕਰ ਕਿਸੇ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਕਾਨੂੰਨ ਆਪਣਾ ਕੰਮ ਕਰੇਗਾ। ਉਨ੍ਹਾਂ ਨੇ ਕਿਹਾ ਕਿ ਅਜਿਹੇ ਲੋਕਾਂ ਦੇ ਜਮੀਨੀ ਰਿਕਾਰਡ ਵਿੱਚ ਲਾਲ ਐਂਟਰੀ ਕੀਤੀ ਜਾਵੇਗੀ ਅਤੇ ਪਰਾਲੀ ਸਾੜਨ ਵਾਲਿਆਂ ਦੇ ਅਸਲਾ ਲਾਇਸੈਂਸ ਵੀ ਰੱਦ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਵਾਲਿਆਂ ਨੂੰ ਸਰਕਾਰ ਦੀਆਂ ਸਹੂਲਤਾਂ ਲੈਣ ਵਿੱਚ ਦਿੱਕਤ ਆ ਸਕਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਪਿੰਡਾਂ ਵਿੱਚ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਲਈ ਸੁਧਰੀਆਂ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਲਾਹ ਲਈ ਕਿਸਾਨ ਆਪਣੇ ਬਲਾਕ ਦੇ ਖੇਤੀਬਾੜੀ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ। Author: Malout Live