District NewsMalout News

ਪੰਜਾਬ ਦੇ ਪੈਨਸ਼ਨਰਾਂ ਨੂੰ ਜਲਦ ਮਿਲੇਗੀ ਖੁਸ਼ਖਬਰੀ- ਡਾ.ਬਲਜੀਤ ਕੌਰ

ਮਲੋਟ (ਪੰਜਾਬ): ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਸਵਾਲ ਪੁੱਛਿਆ ਕਿ ਸਰਕਾਰ ਵੱਲੋਂ ਚੋਣਾਂ ਵੇਲੇ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ‘ਤੇ ਬਜ਼ੁਰਗਾਂ, ਵਿਧਵਾਵਾਂ ਅਤੇ ਅੰਗਹੀਣਾਂ ਦੀ ਪੈਨਸ਼ਨ ‘ਚ ਵਾਧਾ ਕੀਤਾ ਜਾਵੇਗਾ ਤਾਂ ਇਹ ਵਾਧਾ ਕਦੋਂ ਅਤੇ ਕਿੰਨਾ ਹੋਵੇਗਾ? ਇਸ ਦਾ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਆਪਣਾ ਇਹ ਵਾਅਦਾ ਬੇਹੱਦ ਜਲਦੀ ਪੂਰਾ ਕਰ ਦਿੱਤਾ ਜਾਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2022 ‘ਚ ਇੱਕ ਸਰਵੇ ਕੀਤਾ ਗਿਆ ਸੀ, ਜਿਸ ਦੌਰਾਨ ਇਹ ਪਾਇਆ ਗਿਆ ਸੀ ਕਿ 9,248 ਮ੍ਰਿਤਕ ਲਾਭਪਾਤਰੀਆਂ ਦੇ ਨਾਂ ‘ਤੇ ਪੈਨਸ਼ਨ ਜਾ ਰਹੀ ਹੈ ਅਤੇ ਇਸ ਤੋਂ ਬਾਅਦ 23.94 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਵੀ ਇਹ ਸਰਵੇ ਕਰਾਏ ਗਏ ਸਨ ਅਤੇ ਇਸ ਦੇ ਨਾਲ ਹੀ ਪਿਛਲੀ ਸਰਕਾਰ ਦੌਰਾਨ ਕਾਫੀ ਸਮਾਂ ਲੋਕਾਂ ਨੂੰ ਪੈਨਸ਼ਨ ਨਹੀਂ ਦਿੱਤੀ ਗਈ। ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਭ ਬੇਨਿਯਮੀਆਂ ਨੂੰ ਦਰੁੱਸਤ ਕਰਨ ਤੋਂ ਬਾਅਦ ਹੀ ਪੈਨਸ਼ਨ ‘ਚ ਵਾਧਾ ਕੀਤਾ ਜਾਵੇਗਾ ਅਤੇ ਜੇਕਰ ਮੈਨੀਫੈਸਟੋ ‘ਚ 2500 ਰੁਪਏ ਦੇ ਵਾਧੇ ਦਾ ਵਾਅਦਾ ਕੀਤਾ ਗਿਆ ਹੈ ਅਤੇ ਇਸ ਤੇ ਜਲਦੀ ਹੀ ਫ਼ੈਸਲਾ ਲਿਆ ਜਾਵੇਗਾ।

Author: Malout Live

Back to top button