ਪਿੰਡ ਭਾਗਸਰ ਵਿਖੇ 'ਆਪ ਦੀ ਸਰਕਾਰ ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਲਗਾਇਆ ਲੋਕ ਸੁਵਿਧਾ ਕੈਂਪ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਭਾਗਸਰ ਵਿੱਚ 'ਆਪ ਦੀ ਸਰਕਾਰ ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਖੁਦ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਪਹੁੰਚੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾ ਕੇ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਜਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਸਾਰੇ ਵਿਭਾਗ ਇੱਕੇ ਛੱਤ ਹੇਠ ਬੈਠ ਕੇ ਲੋਕਾਂ ਦੇ ਮਸਲੇ ਸੁਣਦੇ ਹਨ ਅਤੇ ਮੌਕੇ ਤੇ ਹੀ ਉਨ੍ਹਾਂ ਦਾ ਹੱਲ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਲੋਕ ਘਰ ਬੈਠ ਕੇ ਵੀ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਲਈ 1076 ਨੰਬਰ ਤੇ ਕਾਲ ਕਰਕੇ ਸਰਕਾਰੀ ਨੁਮਾਇੰਦਾ ਘਰ ਬੁਲਾ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰ ਦੇ ਪੋਰਟਲ https://connect.punjab.gov.in/ ਤੇ ਜਾ ਕੇ ਵੀ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਦਫ਼ਤਰ ਵਿੱਚ ਨਹੀਂ ਜਾਣਾ ਪਵੇਗਾ। ਇਸ ਕੈਂਪ ਵਿੱਚ ਚੇਅਰਮੈਨ ਜਸ਼ਨ ਬਰਾੜ, ਸ੍ਰੀ ਪਰਮਜੀਤ ਸਿੰਘ ਸਰਪੰਚ, ਜਸਵਿੰਦਰ ਸਿੰਘ, ਬਲਕਰਨ ਸਿੰਘ ਗੋਲਡੀ ਨੰਬਰਦਾਰ, ਡਾ. ਦਰਸ਼ਨ ਸਿੰਘ, ਸੁਖਦੀਪ ਸਿੰਘ ਭੁੱਲਰ, ਪ੍ਰਕਾਸ਼ ਸਿੰਘ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਸ੍ਰੀ ਲਾਲ ਚੰਦ, ਅਮਨਦੀਪ ਸਿੰਘ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ। Author : Malout Live