ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਖੁੰਨਣ ਕਲਾਂ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੋਕ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਇਲਾਕਿਆਂ ਵਿੱਚ ਲੋਕ ਸੁਵਿਧਾ ਕੈਂਪਾਂ ਦਾ ਅਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਖੁੰਨਣ ਕਲਾਂ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿੱਥੇ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਹੱਲ ਕਰਨ ਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਦੇਣ ਲਈ ਵਚਨਬੱਧ ਹੈ। ਜਿਸ ਤਹਿਤ ਅਜਿਹੇ ਲੋਕ ਸੁਵਿਧਾ ਕੈਂਪਾਂ ਦਾ ਅਯੋਜਨ ਕੀਤਾ ਗਿਆ ਹੈ।

ਇਸ ਮੌਕੇ ਉਹਨਾਂ ਕਿਹਾ ਕਿ ਇਨ੍ਹਾਂ ਸੁਵਿਧਾ ਕੈਂਪਾਂ ਵਿੱਚ ਲੋਕਾਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ ਕਿਉਂਕਿ ਲੋਕਾਂ ਦੇ ਪਿੰਡ ਵਿੱਚ ਘਰਾਂ ਦੇ ਨੇੜੇ ਹੀ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਹਿਲਾਂ ਇਹਨਾਂ ਕੰਮਾਂ ਲਈ ਲੋਕਾਂ ਨੂੰ ਦਫਤਰਾਂ ਤੱਕ ਜਾਣਾ ਪੈਂਦਾ ਸੀ ਪਰ ਹੁਣ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਚੱਲ ਕੇ ਲੋਕਾਂ ਦੇ ਪਿੰਡ ਵਿੱਚ ਪਹੁੰਚ ਕਰਕੇ ਅਤੇ ਪਿੰਡ ਵਿੱਚ ਬੈਠ ਕੇ ਹੀ ਲੋਕਾਂ ਦੇ ਕੰਮ ਕਰ ਰਹੇ ਹਨ। ਉਹਨਾਂ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਲਗਭਗ ਚਾਰ ਦਰਜਨ ਤੋਂ ਜ਼ਿਆਦਾ ਸਕੀਮਾਂ ਦਾ ਲਾਭ ਮੌਕੇ ਤੇ ਹੀ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਲੋਕ ਸੁਵਿਧਾ ਕੈਂਪ ਲਗਾਤਾਰ ਜਾਰੀ ਰਹਿਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਸਾਰੇ ਪਿੰਡਾਂ ਵਿੱਚ ਇਹ ਕੈਂਪ ਲੱਗਣਗੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ ਸਰਕਾਰ ਦੇ ਇਸ ਉਪਰਾਲੇ ਦਾ ਲਾਭ ਉਠਾਇਆ ਜਾਵੇ। ਇਸ ਮੌਕੇ ਜਸਵੰਤ ਸਿੰਘ ਬੀ.ਡੀ.ਪੀ.ਓ ਮਲੋਟ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ। Author: Malout Live