ਡੇਂਗੂ ਅਤੇ ਮਲੇਰੀਆ ਨੂੰ ਕੰਟਰੋਲ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਡਾ.ਰੰਜੂ ਸਿੰਗਲਾ ਸਿਵਲ ਸਰਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਵਿਭਾਗ ਵੱਲੋਂ ਡਾ.ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਮਲੇਰੀਆ ਅਤੇ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ਵਿੱਚ ਸ਼ਹਿਰੀ ਖੇਤਰ ਵਿਖੇ ਮਿਡਵੇ ਕਲੋਨੀ, ਅਮਨ ਕਲੋਨੀ, ਕੱਚਾ ਥਾਂਦੇਵਾਲਾ ਰੋਡ, ਫਾਇਰ ਬ੍ਰਿਗੇਡ ਅਤੇ ਆਸ-ਪਾਸ ਦੇ ਏਰੀਏ ਅਤੇ ਖਾਲੀ ਪਲਾਟਾਂ ਵਿੱਚ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਗਈ। ਜਾਗਰੂਕਤਾ ਪੈੱਫਲਿਟ ਵੰਡੇ ਗਏ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਮੌਕੇ ‘ਤੇ ਨਸ਼ਟ ਕਰਵਾਏ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼੍ਰੀ ਮੁਕਤਸਰ ਸਾਹਿਬ ਸ਼ਹਿਰ ਵਿੱਚ ਕੱਚਾ ਥਾਂਦੇਵਾਲਾ ਰੋਡ ਤੇ ਡੇਂਗੂ ਦਾ ਨਵਾਂ ਕੇਸ ਰਿਪੋਰਟ ਹੋਇਆ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਦੇ ਕੇਸਾਂ ਦੀ ਗਿਣਤੀ ਵੱਧ ਕੇ 39 ਹੋ ਗਈ ਹੈ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆਂ ਤੋਂ ਡਰਣ ਦੀ ਲੋੜ ਨਹੀਂ, ਬਲਕਿ ਇਸ ਤੋਂ ਬਚਣ ਲਈ ਕੁੱਝ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।
ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਲੋਕਾਂ ਨੂੰ ਆਪਣੇ ਘਰਾਂ ਵਿੱਚ ਪਾਣੀ ਸੱਤ ਦਿਨਾਂ ਤੋਂ ਵੱਧ ਸਟੋਰ ਨਾ ਕਰਨ, ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦੇਣ ਸੰਬੰਧੀ ਜਾਣਕਾਰੀ ਦਿੱਤੀ ਗਈ ਅਤੇ ਪਾਣੀ ਦੀਆਂ ਟੈਂਕੀਆਂ ਚੰਗੀ ਤਰ੍ਹਾਂ ਢੱਕ ਕੇ ਰੱਖਣ ਲਈ ਕਿਹਾ ਗਿਆ। ਮੱਛਰਦਾਨੀਆਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ। ਇਸ ਮੌਕੇ ਲਾਲ ਚੰਦ ਅਤੇ ਭਗਵਾਨਦਾਸ ਜ਼ਿਲ੍ਹਾ ਹੈਲਥ ਇੰਸਪੈਕਟਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸੰਬੰਧੀ ਕੋਈ ਲੱਛਣ ਜਿਵੇਂ ਤੇਜ਼ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜ਼ਰੂਰ ਕਰਵਾਇਆ ਜਾਵੇ। ਡੇਂਗੂ ਪਾਜ਼ਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਮਲੇਰੀਆ ਅਤੇ ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। Author: Malout Live