ਸ਼੍ਰੀ ਮੁਕਤਸਰ ਸਾਹਿਬ ਵਿੱਚ ਮਾਘੀ ਮੇਲੇ ਦੀਆਂ ਤਿਆਰੀਆਂ ਜ਼ੋਰਾਂ ਤੇ, ਸਾਰੇ ਵਿਭਾਗ ਪ੍ਰਬੰਧ ਕਰਨ ਵਿੱਚ ਲੱਗੇ

ਮਲੋਟ (ਸ਼੍ਰੀ ਮੁਕਤਸਰ ਸਾਹਿਬ): 40 ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਇਤਿਹਾਸਿਕ ਸ਼੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਸੰਬੰਧੀ ਸਾਰੇ ਵਿਭਾਗਾਂ ਵੱਲੋਂ ਜੋਰਦਾਰ ਤਰੀਕੇ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੇ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਦੀ ਟੀਮ ਵੱਲੋਂ ਬਾਈਪਾਸ ਏਰੀਏ ਵਿੱਚ ਸੜਕਾਂ ਤੇ ਸਫਾਈ ਕੀਤੀ ਗਈ ਤਾਂ ਜੋ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਨਾ ਆਵੇ। ਇਸ ਤੋਂ ਬਿਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਵੀ ਸ਼ਹਿਰ ਵਿੱਚ ਜਿੱਥੇ ਕਿਤੇ ਰਿਪੇਅਰ ਹੋਣ ਵਾਲੀ ਸੀ, ਉਹ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਮਾਘੀ ਮੇਲੇ ਦੌਰਾਨ ਕਿਸੇ ਨੂੰ ਵੀ ਸੀਵਰੇਜ਼ ਜਾਂ ਪੀਣ ਦੇ ਪਾਣੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਐੱਸ.ਡੀ.ਐੱਮ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਕੰਵਰਜੀਤ ਸਿੰਘ ਨੇ ਦੱਸਿਆ ਕਿ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਜਲਦ ਤੋਂ ਜਲਦ ਇਹ ਸਾਰੇ ਕੰਮ ਮੁਕੰਮਲ ਕਰ ਲਏ ਜਾਣ ਤਾਂ ਜੋ ਮਾਘੀ ਮੇਲੇ ਤੋਂ ਪਹਿਲਾਂ ਪਹਿਲਾਂ ਸਾਰੀ ਵਿਵਸਥਾ ਹੋ ਜਾਵੇ ਅਤੇ ਮਾਘੀ ਮੇਲੇ ਮੌਕੇ ਆਉਣ ਵਾਲੇ ਸ਼ਰਧਾਲੂ ਸ਼ਰਧਾ ਨਾਲ ਗੁਰਦੁਆਰਾ ਸਾਹਿਬ ਵਿਖੇ ਹਾਜ਼ਿਰ ਹੋ ਕੇ ਆਪਣੀ ਸ਼ਰਧਾ ਭੇਟ ਕਰ ਸਕਣ। ਉਹਨਾਂ ਦੱਸਿਆ ਕਿ ਮਾਘੀ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਨਾ ਕੇਵਲ ਜ਼ਿਲ੍ਹੇ ਅਤੇ ਪੰਜਾਬ ਤੋਂ ਸਗੋਂ ਦੂਜੇ ਰਾਜਾਂ ਤੋਂ ਵੀ ਆਉਂਦੇ ਹਨ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਮੁਸਤੈਦੀ ਨਾਲ ਤਿਆਰੀਆਂ ਵਿੱਚ ਲੱਗਿਆ ਹੋਇਆ ਹੈ। Author: Malout Live