ਡੀ.ਸੀ ਦਫਤਰ ਅੱਗੇ 24 ਅਗਸਤ ਨੂੰ ਲਗਾਏ ਜਾਣ ਵਾਲੇ ਧਰਨੇ ਸੰਬੰਧੀ ਤਿਆਰੀਆਂ ਮੁਕੰਮਲ- BKU ਤੇ ਖੇਤ ਮਜ਼ਦੂਰ ਯੂਨੀਅਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਦਾ ਮਜ਼ਦੂਰਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ, ਅੰਦੋਲਨਾਂ ਦੌਰਾਨ ਬਣੇ ਕੇਸ ਵਾਪਿਸ ਲੈਣ ਤੇ ਲੰਬੀ ਲਾਠੀਚਾਰਜ ਦੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਪ੍ਰਸ਼ਾਸਨ ਵੱਲੋਂ ਟਾਲਾ ਵੱਟਣ ਵਿਰੁੱਧ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 24 ਅਗਸਤ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਅੱਗੇ ਲਾਏ ਜਾਣ ਵਾਲੇ ਮੋਰਚੇ ਦੀਆਂ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਹ ਜਾਣਕਾਰੀ ਦੋਨਾਂ ਜੱਥੇਬੰਦੀਆਂ ਦੇ ਜ਼ਿਲ੍ਹਾ ਆਗੂਆਂ ਦੀ ਇੱਥੇ ਦਾਣਾ ਮੰਡੀ ਵਿਖੇ ਹੋਈ। ਸਾਂਝੀ ਮੀਟਿੰਗ ਤੋਂ ਬਾਅਦ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਵੱਲੋਂ ਦਿੱਤੀ ਗਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਤੇ ਬੀ.ਕੇ.ਯੂ (ਏਕਤਾ-ਉਗਰਾਹਾਂ) ਦੇ ਆਗੂ ਗੁਰਪਾਸ਼ ਸਿੰਘ ਨੇ ਦੋਸ਼ ਲਾਇਆ ਕਿ ਇਨਕਲਾਬੀ ਬਦਲਾਅ ਦਾ ਸਾਂਝਾ ਦੇ ਕੇ ਸੱਤਾ ‘ਚ ਭਗਵੰਤ ਸਿੰਘ ਮਾਨ ਦੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਲਾਰੇ ਲਾਉਣ ਦੀ ਨੀਤੀ ਤੇ ਚੱਲ ਰਹੀ ਹੈ। ਉਹਨਾਂ ਕਿਹਾ ਕਿ ਪਿਛਲੇ ਵਰ੍ਹੇ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦਾ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਲੰਮਾ ਸਮਾਂ ਸੰਘਰਸ਼ ਲੜ੍ਹ ਕੇ ਮਨਵਾਈ ਮੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰ-ਵਾਰ ਲਾਗੂ
ਕਰਨ ਦੇ ਦਿੱਤੇ ਭਰੋਸੇ ਦੇ ਬਾਵਜੂਦ ਅਜੇ ਤੱਕ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ। ਉਹਨਾਂ ਇਹ ਵੀ ਦੋਸ਼ ਲਾਇਆ ਕਿ ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਲੰਬੀ ਵਿਖੇ ਸੰਘਰਸ਼ ਕਰਦੇ ਮਜ਼ਦੂਰਾਂ ਕਿਸਾਨਾਂ 'ਤੇ ਦਰਜ਼ ਕੇਸ ਵਾਪਿਸ ਲੈਣ ਤੇ ਲਾਠੀਚਾਰਜ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੁੱਖ ਮੰਤਰੀ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ਵੀ ਅਜੇ ਤੱਕ ਲਾਗੂ ਨਹੀਂ ਕੀਤੀ ਗਈ। ਜ਼ਿਲ੍ਹਾ ਕਿਸਾਨ ਆਗੂ ਹਰਬੰਸ ਸਿੰਘ ਕੋਟਲੀ ਤੇ ਖੇਤ ਮਜ਼ਦੂਰ ਆਗੂ ਤਰਸੇਮ ਸਿੰਘ ਖੁੰਡੇ ਹਲਾਲ ਨੇ ਕਿਹਾ ਕਿ 24 ਅਗਸਤ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਏ ਜਾ ਰਹੇ ਮੋਰਚੇ ਦੌਰਾਨ ਇਸ ਸਾਲ ਮੀਹਾਂ ਕਾਰਨ ਖ਼ਰਾਬ ਹੋਈਆਂ ਫਸਲਾਂ ਤੇ ਨੁਕਸਾਨੇ ਮਕਾਨਾਂ ਦਾ ਮਜ਼ਦੂਰਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ, ਲੰਪੀ ਸਕਿਨ ਕਾਰਨ ਨੁਕਸਾਨੇ ਪਸ਼ੂਆਂ ਦਾ ਮੁਆਵਜ਼ਾ ਦੇਣ, ਮਨਰੇਗਾ ਤਹਿਤ ਮਜ਼ਦੂਰਾਂ ਦੇ ਰੁਜ਼ਗਾਰ ਦਾ ਪ੍ਰਬੰਧ ਕਰਨ ਤੇ ਆਟਾ ਦਾਲ ਸਕੀਮ 12% ‘ਚ ਕੀਤੀ ਕਟੌਤੀ ਵਾਪਿਸ ਲੈਣ ਤੇ ਡਰੇਨਜ਼ ਵਿਭਾਗ ਦਾ ਗਿੱਦੜਬਾਹਾ ਸਥਿਤ ਦਫਤਰ ਨੂੰ ਬਦਲਕੇ ਫਿਰੋਜ਼ਪੁਰ ਲਿਜਾਣ ਦਾ ਫੈਸਲਾ ਰੱਦ ਕਰਨ ਵਰਗੀਆਂ ਮੰਗਾਂ ਵੀ ਇਸ ਮੋਰਚੇ ਦੌਰਾਨ ਪ੍ਰਮੁੱਖਤਾ ਨਾਲ ਉਠਾਈਆਂ ਜਾਣਗੀਆ। ਮੀਟਿੰਗ ਦੌਰਾਨ ਮਜ਼ਦੂਰ ਆਗੂ ਬਾਜ਼ ਸਿੰਘ ਭੁੱਟੀਵਾਲਾ, ਰਾਜਾ ਸਿੰਘ ਤੇ ਕਾਲਾ ਸਿੰਘ ਖੂੰਨਣ ਖ਼ੁਰਦ ਤੋਂ ਇਲਾਵਾ ਕਿਸਾਨ ਆਗੂ ਭੁਪਿੰਦਰ ਸਿੰਘ ਚੰਨੂੰ, ਬੋਹੜ ਸਿੰਘ ਮਲੋਟ, ਰਾਜਾ ਸਿੰਘ ਮਹਾਂਬੱਧਰ ਤੇ ਕੁਲਦੀਪ ਸਿੰਘ ਕਰਮਗੜ੍ਹ ਆਦਿ ਆਗੂ ਵੀ ਹਾਜਿਰ ਸਨ।
Author: Malout Live