14 ਨਵੰਬਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਘਰ ਅੱਗੇ ਜਲੰਧਰ ਵਿਖੇ ਕਰਨਗੀਆਂ ਰੋਸ ਪ੍ਰਦਰਸ਼ਨ

,

ਮਲੋਟ:- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਪੰਜਾਬ ਸਰਕਾਰ ਦੇ ਕੋਲੋਂ ਮਨਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਹੈ ਤੇ ਇਸੇ ਲੜੀ ਦੇ ਤਹਿਤ 14 ਨਵੰਬਰ ਦਿਨ ਐਤਵਾਰ ਨੂੰ ਸਿੱਖਿਆ ਮੰਤਰੀ ਪ੍ਰਗਟ ਸਿੰਘ ਦੇ ਸ਼ਹਿਰ ਜਲੰਧਰ ਵਿਖੇ ਉਹਨਾਂ ਦੇ ਘਰ ਅੱਗੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਹੁੰਚਣਗੀਆਂ। ਇਹ ਜਾਣਕਾਰੀ ਬਲਾਕ/ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ਦੀ ਬਲਾਕ ਪ੍ਰਧਾਨ/ ਜਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਅਤੇ ਬਲਾਕ ਪ੍ਰਧਾਨ ਕਰਨਜੀਤ ਕੌਰ ਨੇ ਦਿੱਤੀ।                        

ਉਹਨਾਂ ਕਿਹਾ ਕਿ ਪਿਛਲੇਂ ਕਰੀਬ ਪੌਣੇ ਪੰਜ ਸਾਲ ਕਾਂਗਰਸ ਦੀ ਸਰਕਾਰ ਨੇ ਵਰਕਰਾਂ ਤੇ ਹੈਲਪਰਾਂ ਦੀ ਇੱਕ ਵੀ ਮੰਗ ਨਹੀਂ ਮੰਨੀ ਤੇ ਝੂਠੇ ਲਾਰਿਆਂ ਦੇ ਵਿੱਚ ਹੀ ਰੱਖਿਆ। ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ, ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ। ਨਰਸਰੀ ਟੀਚਰ ਦਾ ਦਰਜ਼ਾ ਆਂਗਣਵਾੜੀ ਵਰਕਰਾਂ ਨੂੰ ਦਿੱਤਾ ਜਾਵੇ। ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਦਿੱਤਾ ਜਾਵੇ। ਐਨ.ਜੀ.ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ  ਨੂੰ ਵਿਭਾਗ ਅਧੀਨ ਲਿਆਂਦਾ ਜਾਵੇ। ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ, ਉਤਸ਼ਾਹ ਵਰਧਕ ਰਾਸ਼ੀ ਕ੍ਰਮਵਾਰ ਵਰਕਰ ਤੇ ਹੈਲਪਰ ਨੂੰ 500 ਰੁਪਏ ਤੇ 250 ਰੁਪਏ ਦਿੱਤੇ ਜਾਣ।  ਸਰਕਲ ਮੀਟਿੰਗ ਦਾ ਕਿਰਾਇਆ 200 ਰੁਪਏ ਦਿੱਤਾ ਜਾਵੇ।  ਪੀ.ਐਮ.ਵੀ.ਵਾਈ ਦੇ 2017 ਤੋਂ ਪੈਡਿੰਗ ਪਏ ਪੈਸੇ ਰਲੀਜ਼ ਕੀਤੇ ਜਾਣ। ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜਾ ਦਿੱਤਾ ਜਾਵੇ। ਆਂਗਣਵਾੜੀ ਸੈਂਟਰਾਂ ਦਾ ਰਾਸ਼ਨ ਠੇਕੇਦਾਰੀ ਸਿਸਟਮ ਰਾਹੀਂ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਤੇ ਤੁਰੰਤ ਰੋਕ ਲਗਾਈ ਜਾਵੇ ਅਤੇ ਰਾਸ਼ਨ ਬਣਾਉਣ ਲਈ ਦਿੱਤੇ ਜਾਂਦੇ ਪੈਸੇ ਪ੍ਰਤੀ ਲਾਭਪਾਤਰੀ 40 ਪੈਸੇ ਦੀ ਥਾਂ 1/- ਰੁਪਏ ਦਿੱਤਾ ਜਾਵੇ। ਕਿਉਕਿ ਗੈਸ ਸਿਲੰਡਰ ਦੇ ਭਾਅ ਦੁੱਗਣੇ ਹੋ ਗਏ ਹਨ। ਉਹਨਾਂ ਕਿਹਾ ਕਿ ਜਲੰਧਰ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਇਸ ਖ਼ੇਤਰ ਵਿੱਚੋਂ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸ਼ਮੂਲੀਅਤ ਕਰਨਗੀਆਂ। ਜੱਥੇਬੰਦੀ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਨਤੀਜੇ ਭੁਗਤਣ ਲਈ ਤਿਆਰ ਰਹੇ।