ਪੀ.ਐੱਸ.ਐਮ.ਐਸ.ਯੂ ਵੱਲੋਂ ਡੀ.ਸੀ ਮੁਕਤਸਰ ਖਿਲਾਫ ਕੀਤੀ ਨਾਅਰੇਬਾਜ਼ੀ ਦਫ਼ਤਰੀ ਕੰਮ ਨੂੰ ਲੈ ਕੇ ਕੱਢੇ ਨਾਦਰਸ਼ਾਹੀ ਫੁਰਮਾਨ ਤੋਂ ਕਰਮਚਾਰੀਆਂ ਵਿੱਚ ਰੋਸ
ਮਲੋਟ:- ਜਿਲ੍ਹੇ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵੱਲੋਂ ਆਪਣੀ ਡਿਊਟੀ ਜੁਆਇੰਨ ਕਰਦੇ ਹੀ ਮੁਲਾਜ਼ਮਾਂ ਤੇ ਅਧਿਕਾਰੀਆਂ ਵੱਲੋਂ ਕੀਤੇ ਜਾਂਦੇ ਕੰਮ ਨੂੰ ਲੈ ਕੇ ਨਾਦਰਸ਼ਾਹੀ ਫੁਰਮਾਨ ਜਾਰੀ ਕੀਤੇ ਹਨ, ਜਿਨ੍ਹਾਂ ਵਿੱਚ ਅਦਾਲਤੀ ਜਾਂ ਕਮਿਸ਼ਨਾਂ ਦੇ ਕੇਸਾਂ ਵਿੱਚ ਦੇਰੀ ਕਰਨ ਵਾਲੇ ਕਰਮਚਾਰੀ ਅਧਿਕਾਰੀ ਦੇ ਖਿਲਾਫ ਫੌਜਦਾਰੀ ਧਾਰਾਵਾਂ ਤਹਿਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
ਇਨ੍ਹਾਂ ਹੁਕਮਾਂ ਤੋਂ ਮੁਲਾਜ਼ਮ ਜਥੇਬੰਦੀ ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀ ਯੂਨੀਅਨ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਜਿਸਦੇ ਚਲਦਿਆਂ ਅੱਜ ਮਨਿਸਟਰੀਅਲ ਕਾਮਿਆਂ ਨੇ ਡਿਪਟੀ ਕਮਿਸ਼ਨਰ ਦੇ ਖਿਲਾਫ ਗੇਟ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ। ਮਨਿਸਟਰੀਅਲ ਕਾਮਿਆਂ ਦੀ ਗੇਟ ਰੈਲੀ ਦੀ ਅਗਵਾਈ ਕਰਦਿਆਂ ਪੀ.ਐੱਸ.ਐਮ.ਐਸ.ਯੂ ਦੇ ਜਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ ਅਤੇ ਜਨਰਲ ਸਕੱਤਰ ਵਰਿੰਦਰ ਢੋਸੀਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕੱਢੇ ਗਏ ਨਾਦਰਸ਼ਾਹੀ ਫੁਰਮਾਨ ਨੂੰ ਵਾਪਸ ਕਰਵਾਉਣ ਲਈ ਯੂਨੀਅਨ ਵੱਲੋਂ ਸਹਾਇਕ ਕਮਿਸ਼ਨਰ (ਜਨਰਲ) ਨਾਲ ਮੁਲਾਕਾਤ ਕੀਤੀ ਗਈ ਸੀ ਅਤੇ ਉਨ੍ਹਾਂ ਵੱਲੋਂ ਇਹ ਪੱਤਰ ਸੌਮਵਾਰ ਮਿਤੀ 18/10/2021 ਤੱਕ ਵਾਪਸ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਅੱਜ ਤੱਕ ਇਹ ਪੱਤਰ ਵਾਪਸ ਨਹੀਂ ਲਿਆ ਗਿਆ। ਇਸ ਤੋਂ ਇਲਾਵਾ ਜਦੋਂ ਅੱਜ ਯੂਨੀਅਨ ਦੇ ਸੀਨੀਅਰ ਆਗੂ ਡਿਪਟੀ ਕਮਿਸ਼ਨਰ ਨੂੰ ਮਿਲਣ ਲਈ ਗਏ ਤਾਂ ਡਿਪਟੀ ਕਮਿਸ਼ਨਰ ਨੇ ਕਰਮਚਾਰੀਆਂ ਦੀ ਮੰਗ ਨੂੰ ਸਹੀ ਢੰਗ ਨਾਲ ਸੁਣਨਾ ਤਾਂ ਇੱਕ ਪਾਸੇ ਬਣਦਾ ਮਾਣ-ਸਤਿਕਾਰ ਵੀ ਦੇਣ ਤੋਂ ਗੁਰੇਜ਼ ਕੀਤਾ। ਜਿਸ ਨਾਲ ਇਸ ਅਧਿਕਾਰੀ ਦਾ ਮੁਲਾਜ਼ਮ ਵਿਰੋਧੀ ਚਿਹਰਾ ਜੱਗ ਜਾਹਿਰ ਹੁੰਦਾ ਹੈ ਅਤੇ ਇਸਨੂੰ ਹਰਗਿਜ਼ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਕਰਮਚਾਰੀ ਸਰਕਾਰ ਪਾਸੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੀ ਹੈ ਉਥੇ ਦੂਜੇ ਪਾਸੇ ਸਰਕਾਰ ਦੀ ਅਫਸਰਸ਼ਾਹੀ ਮੁਲਾਜ਼ਮਾਂ ਤੋਂ ਅਜਿਹੇ ਫੁਰਮਾਨਾਂ ਨਾਲ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਜਿੰਦਰ ਸਿੰਘ ਬੁੱਟਰ, ਭੁਪਿੰਦਰ ਸਿੰਘ, ਜਗਤਰ ਸਿੰਘ, ਮੋਹਨ ਸਿੰਘ, ਬਲਵਿੰਦਰ ਸਿੰਘ, ਰਾਜੇਸ਼ ਕਪੂਰ, ਸਤੀਸ਼ ਕੁਮਾਰ, ਗੁਰਮੀਤ ਪਾਲ, ਨਰੇਸ਼ ਕੁਮਾਰ, ਪਰਮਜੀਤ ਸਿੰਘ ਆਦਿ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ ।