ਲੋਕ ਭਲਾਈ ਸਕੀਮਾਂ ਨੂੰ ਜਲਦੀ ਤੋਂ ਜਲਦੀ ਚਾੜਿਆ ਜਾਵੇਗਾ ਨੇਪਰੇ- ਡਿਪਟੀ ਕਮਿਸ਼ਨਰ

ਮਲੋਟ: ਸ਼੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਅਤੇ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ ਕੀਤੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਚੇਅਰਮੈਨ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਵਿੱਚ ਚੱਲ ਰਹੇ ਵਿਕਾਸ ਕੰਮਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚੜਾਇਆ ਜਾਵੇ ਅਤੇ ਅਧੂਰੇ ਕੰਮਾਂ ਲਈ ਜੇਕਰ ਫੰਡਾਂ ਦੀ ਜਰੂਰਤ ਪੈਂਦੀ ਹੈ ਤਾਂ ਉਸਦਾ ਐਸਟੀਮੇਟ ਤਿਆਰ ਕਰਵਾਇਆ ਜਾਵੇ। ਕਾਉਣੀ ਨੇ ਵਿਕਾਸ ਕੰਮਾਂ ਦਾ ਜਾਇਜਾ ਲੈਂਦਿਆਂ ਇਹ ਵੀ ਕਿਹਾ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਸਰਕਾਰੀ ਫੰਡਾਂ ਨੂੰ ਚੂਨਾ ਲਗਾਉਣ ਦੀ

ਕੋਸ਼ਿਸ਼ ਕਰੇਗਾ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹਨਾਂ ਪਿੰਡਾਂ ਵਿੱਚ ਮੈਰਿਜ ਪੈਲਸ ਜਾਂ ਕਮਿਊਨਟੀ ਸੈਂਟਰ ਬਣੇ ਹੋਏ ਹਨ, ਉਹਨਾਂ ਦਾ ਰੱਖ-ਰਖਾਅ ਵੱਲ ਉਚੇਚਾ ਧਿਆਨ ਦਿੱਤਾ ਜਾਵੇ ਤਾਂ ਜੋ ਲੋੜਵੰਦ ਵਿਅਕਤੀ ਇਹਨਾਂ ਦੀ ਵਰਤੋਂ ਕਰ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਭਰੋਸਾ ਦੁਆਇਆ ਕਿ ਸਰਕਾਰ ਵੱਲੋਂ ਲੋਕ ਭਲਾਈ ਸੰਬੰਧੀ ਜੋ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ, ਇਹਨਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚੜਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਮਿਲ ਸਕੇ। Author: Malout Live