ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਨਸ਼ਿਆਂ ਦੇ ਮੁੱਦੇ 'ਤੇ ਅੰਤਰਰਾਜੀ ਬੈਠਕ 'ਤੇ ਜਤਾਈ ਸਹਿਮਤੀ
ਚੰਡੀਗੜ੍ਹ:- ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਅੱਜ ਰਾਜਧਾਨੀ ਚੰਡੀਗੜ੍ਹ 'ਚ ਨਸ਼ਿਆਂ ਵਿਰੁੱਧ ਲੜੀ ਜਾ ਰਹੀ ਲੜਾਈ 'ਤੇ ਚਰਚਾ ਕੀਤੀ। ਚਰਚਾ 'ਚ ਦੋਹਾਂ ਮੁੱਖ ਮੰਤਰੀਆਂ ਨੇ ਆਉਣ ਵਾਲੀ 25 ਜੁਲਾਈ ਨੂੰ ਸਾਰੇ ਉੱਤਰੀ ਸੂਬਿਆਂ ਦੀ ਅੰਤਰਰਾਜੀ ਬੈਠਕ ਆਯੋਜਿਤ ਕਰਨ 'ਤੇ ਸਹਿਮਤੀ ਵੀ ਪ੍ਰਗਟਾਈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਵਲੋਂ ਇਸ ਬੈਠਕ ਦੀ ਮੇਜ਼ਬਾਨੀ ਕੀਤੀ ਜਾਵੇਗੀ। ਇਸ ਸੰਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਸ਼ਿਆਂ ਸੰਬੰਧੀ ਇਸ ਦੂਜੀ ਅੰਤਰਰਾਜੀ ਬੈਠਕ 'ਚ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਰਾਜਸਥਾਨ, ਉਤਰਾਖੰਡ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਰਾਜਪਾਲ, ਦਿੱਲੀ ਦੇ ਉਪ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕਾਂ ਦੇ ਆਉਣ ਦੀ ਉਮੀਦ ਹੈ। ਪਿਛਲੇ ਸਾਲ ਅਪਰੈਲ ਵਿਚ ਪਹਿਲੀ ਬੈਠਕ ਹੋਈ ਸੀ ਅਤੇ ਉੱਤਰੀ ਰਾਜਾਂ ਨੇ ਪੰਚਕੂਲਾ (ਹਰਿਆਣਾ) ਵਿਚ ਇਕ ਕੇਂਦਰੀ ਸਕੱਤਰੇਤ ਸਥਾਪਿਤ ਕਰਨ ਦਾ ਫੈਸਲਾ ਕੀਤਾ ਸੀ।