SC ਵਰਗ ਨਾਲ ਸੰਬੰਧਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਦੇਵੇਗੀ 350 ਰੁਪਏ ਪ੍ਰਤੀ ਦਿਨ ਵਜ਼ੀਫ਼ਾ-ਜੱਥੇਦਾਰ ਗੁਰਮੀਤ ਸਿੰਘ ਖੁੱਡੀਆਂ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਨਾਲ ਸੰਬੰਧਿਤ ਕਿਸਾਨਾਂ ਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਡੇਅਰੀ ਫਾਰਮਿੰਗ ਬਾਰੇ ਮੁਫ਼ਤ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਕਿਸਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਤੋਂ ਇਲਾਵਾ ਸਿਖਲਾਈ ਦੌਰਾਨ 350 ਰੁਪਏ ਪ੍ਰਤੀ ਦਿਨ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਿਖਲਾਈ ਚਤਾਮਲੀ (ਰੂਪਨਗਰ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ),
ਅਬੁਲ ਖੁਰਾਣਾ (ਸ਼੍ਰੀ ਮੁਕਤਸਰ ਸਾਹਿਬ), ਤਰਨਤਾਰਨ ਅਤੇ ਸੰਗਰੂਰ ਵਿਖੇ ਸਥਿਤ 9 ਸਿਖਲਾਈ ਕੇਂਦਰਾਂ ਵਿੱਚ ਦਿੱਤੀ ਜਾਵੇਗੀ। ਇਸ ਸਕੀਮ ਤਹਿਤ ਤਿੰਨ ਬੈਚਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਸਿਖਲਾਈ ਪ੍ਰੋਗਰਾਮ ਦੀ ਯੋਗਤਾ ਦੇ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 18 ਤੋਂ 50 ਸਾਲ ਤੱਕ ਉਮਰ ਦੇ ਉਮੀਦਵਾਰ (ਪੁਰਸ਼ ਅਤੇ ਵਿਆਹੁਤਾ ਮਹਿਲਾ) ਸਿਖਲਾਈ ਲਈ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਦਾ ਦਿਹਾਤੀ ਖੇਤਰਾਂ ਨਾਲ ਸੰਬੰਧਿਤ ਹੋਣ ਤੋਂ ਇਲਾਵਾ 5ਵੀਂ ਪਾਸ ਹੋਣਾ ਲਾਜ਼ਮੀ ਹੈ। ਉਨ੍ਹਾਂ ਨੂੰ ਇੱਕ ਰੋਜ਼ਾ ਐਕਸਪੋਜ਼ਰ ਵਿਜ਼ਿਟ ਅਤੇ ਸਿਖਲਾਈ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਨੇ ਯੋਗ ਲਾਭਪਾਤਰੀਆਂ ਨੂੰ ਆਪਣੇ ਨਜ਼ਦੀਕੀ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਦਫ਼ਤਰ ਨਾਲ ਸੰਪਰਕ ਕਰਨ ਲਈ ਕਿਹਾ। ਵਧੇਰੇ ਜਾਣਕਾਰੀ ਲਈ, ਇਛੁੱਕ ਉਮੀਦਵਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਫ਼ੋਨ ਨੰਬਰ 0172-5027285 ਉਤੇ ਵੀ ਸੰਪਰਕ ਕਰ ਸਕਦੇ ਹਨ। Author: Malout Live