ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਬੀ.ਕੇ.ਯੂ ਏਕਤਾ ਉਗਰਾਹਾਂ ਨੇ ਅਣਮਿੱਥੇ ਸਮੇਂ ਲਈ ਡੀ.ਸੀ ਦਫ਼ਤਰ ਮੁਹਰੇ ਲਗਾਇਆ ਧਰਨਾ
ਸ਼੍ਰੀ ਮੁਕਤਸਰ ਸਾਹਿਬ:- ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਅੱਗੇ ਅਣਮਿਥੇ ਸਮੇਂ ਲਈ ਰੋਸ ਧਰਨਾ ਸ਼ੁਰੂ ਕੀਤਾ ਗਿਆ। ਇਸ ਦੌਰਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਇੰਕਲਾਬੀ ਬਦਲਾਅ ਦਾ ਸੱਦਾ ਦੇ ਕੇ ਸੱਤਾ ਵਿਚ ਆਈ ਭਗਵੰਤ ਸਿੰਘ ਮਾਨ ਦੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਵਾਂਗ ਲਾਰੇ ਲਗਾਉਣ ਦੀ ਨੀਤੀ ਤੇ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਵਰ੍ਹੇ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦਾ ਕਾਸ਼ਤਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਲੰਮਾ ਸੰਘਰਸ਼ ਲੜ ਕੇ ਮਨਵਾਈ ਮੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰ-ਵਾਰ ਲਾਗੂ ਕਰਨ ਦੇ ਦਿੱਤੇ ਭਰੋਸੇ ਦੇ ਬਾਵਜੂਦ ਅਜੇ ਤੱਕ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਲੰਬੀ ਵਿਖੇ ਸੰਘਰਸ਼ ਕਰਦੇ ਮਜਦੂਰਾਂ-ਕਿਸਾਨਾਂ ਤੇ ਦਰਜ ਕੇਸ ਵਾਪਿਸ ਲੈਣ ਅਤੇ ਲਾਠੀਚਾਰਜ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੁੱਖ ਮੰਤਰੀ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ਵੀ ਅਜੇ ਤੱਕ ਲਾਗੂ ਨਹੀਂ ਕੀਤੀ ਗਈਆਂ। ਮਜ਼ਦੂਰ-ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕੀਤਾ ਤਾਂ 26 ਅਗਸਤ ਨੂੰ ਡੀ.ਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਇਸ ਧਰਨੇ ਦੌਰਾਨ ਪਟਿਆਲਾ ਵਿਖੇ ਬੇਰੁਜ਼ਗਾਰ ਲਾਈਨਮੈਨਾਂ ਤੇ ਕੀਤੇ ਲਾਠੀਚਾਰਜ ਦੀ ਜ਼ਬਰਦਸਤ ਨਿਖੇਧੀ ਕੀਤੀ ਗਈ। Author: Malout Live