ਪੰਜਾਬ 'ਚ ਸੋਸ਼ਲ ਮੀਡੀਆ 'ਤੇ ਗੰਨ ਕਲਚਰ ਵਾਲੀਆਂ ਤਸਵੀਰਾਂ ਹਟਾਉਣ ਦੀ ਮੋਹਲਤ ਅੱਜ ਤੋਂ ਖ਼ਤਮ

ਪੰਜਾਬ ਵਿੱਚ ਸ਼ੋਸ਼ਲ ਮੀਡੀਆ 'ਤੇ ਗੰਨ ਕਲਚਰ ਵਾਲੀਆਂ ਤਸਵੀਰਾਂ ਹਟਾਉਣ ਦੀ ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਦਿੱਤੀ ਗਈ ਮੋਹਲਤ ਅੱਜ ਖ਼ਤਮ ਹੋ ਗਈ। ਇਸ ਲਈ ਪੰਜਾਬ ਪੁਲਿਸ ਵੱਲੋਂ ਅੱਜ ਤੋਂ ਤਸਵੀਰਾਂ ਨਾ ਹਟਾਉਣ ਵਾਲੇ ਲੋਕਾਂ ਖ਼ਿਲਾਫ਼ ਐੱਫ.ਆਈ.ਆਰ ਦਰਜ ਕੀਤੀ ਜਾਵੇਗੀ। ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਬੀਤੇ ਸ਼ਨੀਵਾਰ ਨੂੰ ਟਵੀਟ ਕਰ ਕੇ ਲੋਕਾਂ ਨੂੰ ਕਿਹਾ ਸੀ ਕਿ ਉਹ ਸੋਸ਼ਲ ਮੀਡੀਆ ਤੋਂ ਆਪਣੀਆਂ ਸਾਰੀਆਂ ਪੁਰਾਣੀਆਂ ਤਸਵੀਰਾਂ ਨੂੰ ਹਟਾਉਣ, ਜੋ ਗੰਨ ਕਲਚਰ ਨੂੰ ਉਤਸ਼ਾਹਿਤ ਕਰਦੀਆਂ ਹਨ। ਡੀ.ਜੀ.ਪੀ ਨੇ ਇਹ ਕਦਮ ਮੁੱਖ ਮੰਤਰੀ ਭਗਵੰਤ ਮਾਨ ਦੀ ਸਲਾਹ 'ਤੇ ਚੁੱਕਿਆ ਸੀ, ਜਿਹਨਾਂ ਕਿਹਾ ਸੀ ਕਿ ਸੋਸ਼ਲ ਮੀਡੀਆ 'ਤੇ ਜੇਕਰ ਲੋਕਾਂ ਨੇ ਹਥਿਆਰਾਂ ਵਾਲੀਆਂ ਆਪਣੀਆਂ ਤਸਵੀਰਾਂ ਪਾਈਆਂ ਹਨ ਤਾਂ ਉਹਨਾਂ ਨੂੰ ਹਟਾਉਣ ਲਈ ਕੁੱਝ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਜਾਣਕਾਰੀ ਮੁਤਾਬਿਕ ਡੀ.ਜੀ.ਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਟੀਮ ਨਿਯੁਕਤ ਕੀਤੀ ਹੈ, ਜੋ ਅੱਜ ਤੋਂ ਸੋਸ਼ਲ ਮੀਡੀਆ ’ਤੇ ਸਰਗਰਮ ਰਹੇਗੀ ਅਤੇ ਦੇਖੇਗੀ ਕਿ ਅਜੇ ਵੀ ਕਿਸ-ਕਿਸ ਦੀਆਂ ਸੋਸ਼ਲ ਮੀਡੀਆ ਸਾਈਟਾਂ 'ਤੇ ਪੁਰਾਣੀਆਂ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਤਸਵੀਰਾਂ ਲੱਗੀਆਂ ਹੋਈਆਂ ਹਨ। ਇਹਨਾਂ ਤਸਵੀਰਾਂ ਦੇ ਆਧਾਰ 'ਤੇ ਹੁਣ ਕੱਲ੍ਹ ਤੋਂ ਹੀ ਐੱਫ.ਆਈ.ਆਰ. ਦਰਜ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਡੀ.ਜੀ.ਪੀ ਗੌਰਵ ਯਾਦਵ ਨੇ ਦੁਹਰਾਇਆ ਕਿ ਪੰਜਾਬ ਵਿੱਚ ਸ਼ਾਂਤੀ ਨਾਲ ਕਿਸੇ ਨੂੰ ਵੀ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਸੋਸ਼ਲ ਮੀਡੀਆ 'ਤੇ ਕੋਈ ਵੀ ਭੜਕਾਊ ਬਿਆਨ ਦੀ ਵੀਡੀਓ ਅਪਲੋਡ ਨਾ ਕਰੇ।