ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦਾ ਨਤੀਜਾ ਐਲਾਨਿਆ

ਮੋਹਾਲੀ:- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਜਮਾਤ ਸਮੇਤ ਓਪਨ ਸਕੂਲ ਦੀ ਜੁਲਾਈ ਵਿਚ ਲਈ ਗਈ ਅਨੁਪੂਰਕ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਬੁਲਾਰੇ ਨੇ ਇਸ ਸਬੰਧੀ ਦੱਸਿਆ ਕਿ ਪ੍ਰੀਖਿਆ ਦੌਰਾਨ 10ਵੀਂ ਜਮਾਤ ਦੇ ਕੁੱਲ 38046 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਵਿਚੋਂ 20480 ਪ੍ਰੀਖਿਆਰਥੀ ਪਾਸ ਹੋਏ ਹਨ, ਜਦਕਿ 12ਵੀਂ ਜਮਾਤ ਦੇ ਕੁੱਲ 27280 ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿਚੋਂ 20467 ਪ੍ਰੀਖਿਆਰਥੀ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦਾ ਨਤੀਜਾ 19 ਸਤੰਬਰ ਨੂੰ ਸਵੇਰੇ 11 ਵਜੇ ਬੋਰਡ ਦੀ ਵੈੱਬਸਾਈਟ ਤੋਂ ਦੇਖਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਆਨਲਾਈਨ ਪ੍ਰਿੰਟ ਨਤੀਜਿਆਂ ਵਿਚ ਕਿਸੇ ਕਿਸਮ ਦੀ ਗਲਤੀ ਲਈ ਜ਼ਿੰਮੇਵਾਰੀ ਨਹੀਂ ਹੈ। ਇਸ ਨੂੰ ਅਸਲ ਨਤੀਜਾ ਨਹੀਂ ਮੰਨਿਆ ਜਾ ਸਕਦਾ। ਪ੍ਰੀਖਿਆਰਥੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਹੀ ਜਾਣਕਾਰੀ ਲਈ ਬੋਰਡ ਵਲੋਂ ਜਾਰੀ ਨਤੀਜਾ ਕਾਰਡਾਂ 'ਤੇ ਹੀ ਨਿਰਭਰ ਕਰਨ।