ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਦਾ ਐਲਾਨ

ਮਲੋਟ (ਪੰਜਾਬ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫ਼ਰਵਰੀ/ਮਾਰਚ 2023 ਵਿੱਚ ਕਰਵਾਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀ, ਦੱਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ। ਕੰਟਰੋਲਰ ਪ੍ਰੀਖਿਆਵਾਂ ਜੇ.ਆਰ.ਮਹਿਰੋਕ ਵੱਲੋਂ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਫ਼ਰਵਰੀ/ਮਾਰਚ 2023 ਵਿੱਚ ਕਰਵਾਈਆਂ ਜਾਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਪੰਜਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 16 ਫ਼ਰਵਰੀ 2023 ਤੋਂ 24 ਫ਼ਰਵਰੀ 2023 ਤੱਕ, ਅੱਠਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 20 ਫ਼ਰਵਰੀ 2023 ਤੋਂ 6 ਮਾਰਚ 2023 ਤੱਕ, ਦੱਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 21 ਮਾਰਚ 2023 ਤੋਂ 18 ਅਪ੍ਰੈਲ 2023 ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 20 ਫ਼ਰਵਰੀ 2023 ਤੋਂ 13 ਅਪ੍ਰੈਲ 2023 ਤੱਕ ਕਰਵਾਈਆਂ ਜਾਣਗੀਆਂ। ਮਹਿਰੋਕ ਵੱਲੋਂ ਦਿੱਤੀ ਹੋਰ ਜਾਣਕਾਰੀ ਅਨੁਸਾਰ ਲਿਖਤੀ ਪ੍ਰੀਖਿਆਵਾਂ ਉਪਰੰਤ ਇਹਨਾਂ ਸਾਰੀਆਂ ਸ਼੍ਰੇਣੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ। ਦੱਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਐੱਨ.ਐੱਸ.ਕਿਊ.ਐੱਫ ਵਿਸ਼ਿਆਂ ਦੀਆਂ, ਬਾਰ੍ਹਵੀਂ ਸ਼੍ਰੇਣੀ ਦੇ ਵੋਕੇਸ਼ਨਲ ਗਰੁੱਪ ਦੇ ਪ੍ਰਯੋਗੀ ਵਿਸ਼ਿਆਂ ਅਤੇ ਦੱਸਵੀਂ ਸ਼੍ਰੇਣੀ ਦੇ ਪ੍ਰੀ-ਵੋਕੇਸ਼ਨਲ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ 23 ਜਨਵਰੀ ਤੋਂ ਪਹਿਲੀ ਫ਼ਰਵਰੀ ਤੱਕ ਕਰਵਾਈਆਂ ਜਾਣਗੀਆਂ। ਇਹ ਪ੍ਰੀਖਿਆਵਾਂ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਕਰਵਾਈਆਂ ਜਾਣਗੀਆਂ। ਪੰਜਵੀਂ, ਅੱਠਵੀ, ਦੱਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਸੰਬੰਧੀ ਡੇਟ-ਸ਼ੀਟ ਅਤੇ ਵਿਸਥਾਰਪੂਰਵਕ ਜਾਣਕਾਰੀ ਬਾਅਦ ਵਿੱਚ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in 'ਤੇ ਉਪਲੱਬਧ ਕਰਵਾਈ ਜਾਵੇਗੀ। Author: Malout Live