ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਨੇ ਚੰਗੀ ਆਮਦਨ ਲਈ ਗੰਡੋਆ ਖਾਦ ਦੀ ਵਰਤੋਂ ਸੰਬੰਧੀ ਦਿੱਤੀ ਜਾਣਕਾਰੀ

,

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਆਪਣਾ ਖੁੱਦ ਦਾ ਕਾਰੋਬਾਰ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਤਹਿਤ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਅਧੀਨ ਬਹੁਤ ਸਾਰੇ ਲੋਕਾਂ ਨੂੰ ਰੋਜ਼ਗਾਰ ਨਾਲ ਜੋੜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਖੁੱਡੀਆਂ ਪ੍ਰੋਡਿਊਸਰ ਸੈਲਫ਼ ਹੈਲਪ ਗਰੁੱਪ ਵੱਲੋਂ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਲਈ ਰਸਾਇਣਿਕ ਖਾਦਾਂ ਦੀ ਥਾਂ ਤੇ ਗੰਡੋਆ ਖਾਦ ਦੀ ਵਰਤੋਂ ਕਰਨ ਸੰਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਦੀ ਵਸਨੀਕ ਸ਼੍ਰੀਮਤੀ ਪਰਮਜੀਤ ਕੌਰ ਅਨੁਸਾਰ ਉਹ ਪਿਛਲੇ ਤਿੰਨ ਮਹੀਨਿਆਂ ਤੋਂ ਗੰਡੋਆ ਖਾਦ ਦੀ ਵਿਕਰੀ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਆਮਦਨ ਵਿੱਚ ਚੰਗਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਗੰਡੋਆ ਖਾਦ ਆਸਟ੍ਰੇਲੀਅਨ ਬਰੀਡ ਦੇ ਨਾਂ ਨਾਲ ਵੀ ਜਾਣੀ ਜਾਂਦੀ ਹੈ। ਉਨ੍ਹਾਂ ਅਨੁਸਾਰ ਜਿੱਥੇ ਇਹ ਖਾਦ ਜ਼ਮੀਨੀ ਤੱਤਾਂ ਨੂੰ ਨਸ਼ਟ ਹੋਣ ਤੋਂ ਬਚਾਉਂਦੀ ਹੈ, ਉੱਥੇ ਇਸਦੀ ਵਰਤੋਂ ਨਾਲ ਫ਼ਸਲ ਦੀ ਪੈਦਾਵਾਰ ਵਿੱਚ ਵੀ ਚੌਖਾ ਵਾਧਾ ਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ ਫਸਲਾਂ ਵਿੱਚ ਯੂਰੀਆ ਦੀ ਵਰਤੋਂ ਵਧੇਰੇ ਕੀਤੀ ਜਾਂਦੀ ਹੈ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਤਾਂ ਘੱਟਦੀ ਹੈ ਅਤੇ ਨਾਲ ਹੀ ਇਹ ਬਿਮਾਰੀਆਂ ਦਾ ਕਾਰਣ ਵੀ ਬਣਦੀ ਜਾ ਰਹੀ ਹੈ। ਉਨ੍ਹਾਂ ਅਨੁਸਾਰ ਗੰਡੋਆ ਖਾਦ ਦੀ ਵਰਤੋਂ ਨਾਲ ਫਸਲਾਂ ਦੇ ਝਾੜ ਵਿੱਚ ਵਾਧਾ ਹੁੰਦਾ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਸੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਵੈ-ਸਹਾਇਤਾ ਗਰੁੱਪਾਂ ਲਈ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਗਰੁੱਪਾਂ ਵੱਲੋਂ ਤਿਆਰ ਕੀਤਾ ਗਿਆ ਸਮਾਨ ਸਹੀ ਢੰਗ ਨਾਲ ਵਿਕਰੀ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਯਤਨ ਕੀਤੇ ਜਾਂਦੇ ਹਨ, ਤਾਂ ਜੋ ਉੱਦਮੀਆਂ ਵੱਲੋਂ ਤਿਆਰ ਕੀਤੇ ਸਮਾਨ ਦੀ ਵਿਕਰੀ ਸੰਬੰਧੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਸਵੈ-ਸਹਾਇਤਾ ਗਰੁੱਪ ਦੀ ਵਧੇਰੇ ਜਾਣਕਾਰੀ ਸੰਬੰਧੀ 94630-97797 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live