ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਦਫ਼ਤਰ ਮੂਹਰੇ ਦਿੱਤਾ ਧਰਨਾ
ਮਲੋਟ:- ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬੀਤੇ ਦਿਨੀਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ 'ਚ ਖੇਤ ਮਜ਼ਦੂਰ ਮਰਦ/ਔਰਤਾਂ ਨੇ ਪਿੰਡਾਂ ਵਿੱਚ ਮਨਰੇਗਾ ਦਾ ਕੰਮ ਚਲਾਉਣ, ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਦਾ ਮਜ਼ਦੂਰਾਂ ਨੂੰ ਚੁਗਾਈ ਦਾ ਮੁਆਵਜ਼ਾ ਦੇਣ, ਆਟਾ-ਦਾਲ ਸਕੀਮ ਵਾਲੇ ਰਾਸ਼ਨ ਦੀ ਵੰਡ ਕਰਨ, ਮਜ਼ਦੂਰ ਘਰਾਂ 'ਚ ਪੁੱਟੇ ਬਿਜਲੀ ਮੀਟਰ ਵਾਪਿਸ ਲਵਾਉਣ, ਮਜ਼ਦੂਰਾਂ ਲਈ ਰਾਖਵੀਂਆਂ ਪੰਚਾਇਤੀ ਜ਼ਮੀਨਾਂ ਸਸਤੇ ਭਾਅ 'ਤੇ ਦੇਣ, ਮਕਾਨ ਬਣਾਉਣ ਲਈ ਗਰਾਂਟਾਂ ਲੈਣ ਆਦਿ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ, ਖ਼ਜ਼ਾਨਚੀ ਬਾਜ ਸਿੰਘ ਭੁੱਟੀਵਾਲਾ, ਕਾਲਾ ਸਿੰਘ ਖੂੰਨਣ ਖੁਰਦ, ਕਾਕਾ ਸਿੰਘ ਖੁੰਡੇ ਹਲਾਲ, ਰਾਜਾ ਖੂੰਨਣ ਖੁਰਦ, ਜਸਵਿੰਦਰ ਸਿੰਘ ਸੰਗੂਧੌਣ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 5 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੀਟਿੰਗ 'ਚ ਕਿਸਾਨਾਂ ਨੂੰ 50 ਕਰੋੜ ਅਤੇ ਮਜ਼ਦੂਰਾਂ ਨੂੰ ਨਰਮਾ ਚੁਗਾਈ ਦਾ ਮੁਆਵਜ਼ਾ 5 ਕਰੋੜ ਦੇਣ ਦੀ ਮੰਗ ਮੰਨੀ ਸੀ, ਜਿਸ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਯੂਨੀਅਨ ਆਗੂਆਂ ਨੇ ਜ਼ਿਲ੍ਹਾ ਪੱਧਰੀਆਂ ਮੰਗਾਂ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮਜ਼ਦੂਰਾਂ ਦੀਆਂ ਮੰਗਾਂ ਦਾ ਮੰਗ ਪੱਤਰ ਵੀ ਦਿੱਤਾ ਗਿਆ। ਇਸ ਸਮੇਂ ਜਸਵਿੰਦਰ ਕੌਰ, ਹਰਭਜਨ ਸਿੰਘ ਦਬੜਾ, ਰਾਮਪਾਲ ਗੱਗੜ, ਅਮਰੀਕ ਸਿੰਘ ਭਾਗਸਰ, ਹੈਪੀ ਗੰਧੜ ਆਦਿ ਨੇ ਵੀ ਸੰਬੋਧਨ ਕੀਤਾ। Author : Malout Live