ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦੇ ਰੂਬਰੂ ਹੋਣਗੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਾਸੀ ਦੋ ਦਿਨ ਜਿਲ੍ਹੇ ਵਿੱਚ ਘੁੰਮਣਗੀਆਂ ਇਹ ਝਾਕੀਆਂ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ, ਨਾਰੀ ਸ਼ਕਤੀ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ ਕਰਦੀਆਂ ਝਾਕੀਆਂ ਦੇ ਦਰਸ਼ਨ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਾਸੀ ਅਗਲੇ ਦੋ ਦਿਨ ਕਰਨਗੇ। ਅੱਜ ਅਤੇ ਕੱਲ੍ਹ (13 ਫਰਵਰੀ) ਨੂੰ ਦੋ ਦਿਨ ਇਹ ਝਾਕੀਆਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਪਹੁੰਚ ਕੇ ਜਿਲ੍ਹਾ ਵਾਸੀਆਂ ਦੇ ਰੂਬਰੂ ਹੋਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜੇ ਇਹ ਝਾਂਕੀਆਂ ਬਠਿੰਡਾ ਜਿਲ੍ਹੇ ਤੋਂ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਵਿੱਚ ਪਹੁੰਚੀਆਂ ਹਨ। ਇਹ ਝਾਕੀਆਂ ਸ਼੍ਰੀ ਮੁਕਤਸਰ ਸਾਹਿਬ ਵਿੱਚ ਰਹਿਣਗੀਆਂ ਅਤੇ ਲੋਕ ਇਹਨਾਂ ਨੂੰ ਵੇਖ ਸਕਣਗੇ। ਇਸ ਤੋਂ ਬਾਅਦ ਇਹ ਝਾਕੀਆਂ ਫਾਜਿਲਕਾ ਵਿੱਚ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਇਨ੍ਹਾਂ ਝਾਕੀਆਂ ਵਿੱਚ ਜਲ੍ਹਿਆਂਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ,
ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ। ਇਸੇ ਤਰ੍ਹਾਂ ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ) ਅਤੇ ਮਾਈ ਭਾਗੋ ਆਰਮਡ ਫੋਰਸਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਮਹਿਲਾਵਾਂ ਨੂੰ ਦਰਸਾਇਆ ਗਿਆ ਹੈ। ਇਸੇ ਤਰ੍ਹਾਂ ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅੱਜ ਅਤੇ ਕੱਲ੍ਹ (13 ਫਰਵਰੀ) ਨੂੰ ਜਿਲ੍ਹੇ ਵਿੱਚ ਪਹੁੰਚ ਰਹੀਆਂ ਝਾਕੀਆਂ ਦੇ ਦਰਸ਼ਨਾਂ ਲਈ ਪਹੁੰਚਣ। Author: Malout Live