ਐੱਸ. ਡੀ. ਐੱਮ. ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ
,
ਮਲੋਟ- ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪਿੰਡਾਂ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵਲੋਂ ਸ਼ੁਰੂ ਕੀਤੀ ਜਾਗਰੂਕਤਾ ਵੈਨ ਨੂੰ ਐੱਸ. ਡੀ. ਐੱਮ. ਗੋਪਾਲ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ । ਇਸ ਮੌਕੇ ਐੱਸ.ਡੀ.ਐੱਮ. ਤੋਂ ਇਲਾਵਾ ਖੇਤੀਬਾੜੀ ਵਿਭਾਗ ਮਲੋਟ ਦੇ ਅਧਿਕਾਰੀ ਹਸਨ ਸਿੰਘ, ਨਾਇਬ ਤਹਿਸੀਲਦਾਰ ਅਰਜਿੰਦਰ ਸਿੰਘ, ਜੇ. ਪੀ. ਸਿੰਘ ਤੇ ਹਰਪ੍ਰੀਤ ਸਿੰਘ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ । ਇਸ ਮੌਕੇ ਐੱਸ.ਡੀ.ਐੱਮ. ਗੋਪਾਲ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ, ਉੱਥੇ ਹੀ ਧਰਤੀ ਦੀ ਉਪਜਾਊ ਸ਼ਕਤੀ ਵਿਚ ਵੀ ਬਹੁਤ ਵਾਧਾ ਹੁੰਦਾ ਹੈ ਅਤੇ ਬਹੁਤ ਸਾਰੇ ਖੇਤੀ ਲਈ ਮਿੱਤਰ ਕੀੜੇ ਵੀ ਨਸ਼ਟ ਹੋਣ ਤੋਂ ਬਚਦੇ ਹਨ, ਜਿਸ ਨਾਲ ਉਸ ਮਿੱਟੀ ਵਿਚ ਆਉਣ ਵਾਲੇ ਸਮੇਂ ਅੰਦਰ ਬੀਜੀਆਂ ਜਾਣ ਵਾਲੀਆਂ ਫ਼ਸਲਾਂ ਨੂੰ ਬਹੁਤ ਲਾਭ ਮਿਲਦਾ ਹੈ ਤੇ ਉਪਜਾਊ ਤਾਕਤ ਵਧਣ ਨਾਲ ਖਾਦਾਂ ਆਦਿ ਵੀ ਬਹੁਤ ਘੱਟ ਪਾਉਣੀਆਂ ਪੈਂਦੀਆਂ ਹਨ , ਉਨ੍ਹਾਂ ਕਿਹਾ ਕਿ ਇਹ ਵੈਨ ਪਿੰਡ-ਪਿੰਡ ਜਾ ਕੇ ਜਾਗਰੂਕਤਾ ਪੋਸਟਰਾਂ ਤੋਂ ਇਲਾਵਾ ਸਪੀਕਰ ਰਾਹੀਂ ਵੀ ਕਿਸਾਨਾਂ ਨੂੰ ਜਾਗਰੂਕ ਕਰੇਗੀ ।