ਸਿਹਤ ਵਿਭਾਗ ਵੱਲੋਂ ਮਲੋਟ ਸ਼ਹਿਰ ਵਿਖੇ ਖਾਣ ਪੀਣ ਵਾਲੀਆਂ ਸ਼ੱਕੀ ਵਸਤੂਆਂ ਦੇ ਲਏ ਗਏ ਸੈਂਪਲ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਦੇ ਤਹਿਤ ਸ਼੍ਰੀ ਅਭਿਨਵ ਤ੍ਰਿਖਾ ਆਈ.ਏ.ਐੱਸ.ਕਮਿਸ਼ਨਰ ਫੂਡ ਸੇਫਟੀ ਪੰਜਾਬ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਡਾ. ਦੁਪਿੰਦਰ ਕੁਮਾਰ ਜ਼ਿਲ੍ਹਾ ਸਿਹਤ ਅਫਸਰ ਸ਼੍ਰੀ ਮੁਕਤਸਰ ਸਾਹਿਬ ਅਤੇ ਦਫਤਰ ਸਿਵਲ ਸਰਜਨ ਦੀ ਫੂਡ ਸੇਫਟੀ ਟੀਮ ਵੱਲੋਂ ਮਲੋਟ ਦੀਆਂ ਵੱਖ-ਵੱਖ ਦੁਕਾਨਾਂ ਦੀ ਜਾਂਚ ਕੀਤੀ ਗਈ ਅਤੇ ਖਾਣ ਪੀਣ ਵਾਲੀਆਂ ਸ਼ੱਕੀ ਵਸਤੂਆਂ ਦੇ 7 ਸੈਂਪਲ ਇਕੱਤਰ ਕੀਤੇ ਗਏ ਅਤੇ ਜਾਂਚ ਲਈ ਭੇਜੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਨਵਜੋਤ ਕੌਰ ਅਤੇ ਡਾ. ਦੁਪਿੰਦਰ ਕੁਮਾਰ ਜ਼ਿਲ੍ਹਾ ਸਿਹਤ ਅਫਸਰ ਨੇ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਸਾਫ ਸੁਥਰੀਆਂ ਅਤੇ ਸ਼ੁੱਧ ਖਾਣ ਪੀਣ ਵਾਲੀਆਂ ਵਸਤੂਆਂ ਉਪਲੱਬਧ ਕਰਵਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਖਾਣ ਪੀਣ ਵਾਲੀਆਂ ਵਸਤੂਆਂ ਵੇਚਣ ਵਾਲੀਆਂ ਦੁਕਾਨਾਂ ਦੀ ਫੂਡ ਸੇਫਟੀ ਟੀਮ ਵੱਲੋਂ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾ ਰਹੇ ਹਨ।
ਉਨ੍ਹਾ ਕਿਹਾ ਕਿ ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਮਿਲਾਵਟਖੋਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਣ ਪੀਣ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਿਤੇ ਵੀ ਕੋਈ ਮਿਲਾਵਟ ਦਾ ਸ਼ੱਕ ਹੁੰਦਾ ਹੈ ਤਾਂ ਉਨ੍ਹਾਂ ਵਸਤੂਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਜਾਂਦੇ ਹਨ ਅਤੇ ਜੇਕਰ ਜਾਂਚ ਦੌਰਾਨ ਕੋਈ ਮਿਲਾਵਟ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਖਾਣ ਪੀਣ ਦਾ ਵਪਾਰ ਕਰਨ ਵਾਲੇ ਦੁਕਾਨਦਾਰਾਂ ਅਤੇ ਮਠਿਆਈ ਵਿਕਰੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਨੂੰ ਸ਼ੁੱਧ ਅਤੇ ਸਾਫ ਸੁਥਰੀਆਂ ਵਸਤੂਆਂ ਹੀ ਵੇਚਣ ਅਤੇ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਜੇਕਰ ਕਿਸੇ ਨੇ ਅਜੇ ਤੱਕ ਆਪਣੀ ਫੂਡ ਸੇਫਟੀ ਅਧੀਨ ਰਜਿਸਟ੍ਰੇਸ਼ਨ ਨਹੀ ਕਰਵਾਈ ਉਹ ਜਲਦ ਤੋਂ ਜਲਦ ਆਪਣੀ ਰਜਿਸਟ੍ਰੇਸ਼ਨ ਕਰਵਾ ਲੈਣ। ਇਸ ਮੌਕੇ ਸ਼੍ਰੀ ਹਰਵਿੰਦਰ ਸਿੰਘ ਫੂਡ ਸੇਫਟੀ ਅਫ਼ਸਰ ਅਤੇ ਉਨ੍ਹਾਂ ਦੀ ਟੀਮ ਵੀ ਹਾਜ਼ਿਰ ਸੀ। Author: Malout Live