District NewsMalout News

ਸੀ.ਬੀ.ਐੱਸ.ਈ ਦੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਜਿਲ੍ਹੇ ਵਿੱਚ ਧਾਰਾ 144 ਲਾਗੂ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਆਈ.ਏ.ਐੱਸ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਜਿਲ੍ਹਾ ਮੈਜਿਸਟ੍ਰੇਟ ਸ਼੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਦੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਜਿਲ੍ਹੇ ਵਿੱਚ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਅਨੁਸਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਪ੍ਰੀਖਿਆਵਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣੀ ਰਹੇ ਅਤੇ ਕੋਈ ਵੀ ਅਣ-ਸੁਖਾਂਵੀ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ।

ਇਹ ਹੁਕਮ ਡਿਊਟੀ ਤੇ ਤਾਇਨਾਤ ਸਰਕਾਰੀ ਅਮਲੇ, ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਅਤੇ ਪ੍ਰੀਖਿਆਰਥੀ ਦੇ 1 ਪਰਿਵਾਰਿਕ ਮੈਂਬਰ ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 02 ਅਪ੍ਰੈਲ 2024 ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Author: Malout live

Back to top button