ਸਰਕਾਰੀ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿੱਚ ਸੈਪਰੇਟ ਬਲੱਡ ਸੈੱਲ ਲੈਣ ਦੀ ਸੁਵਿਧਾ ਉਪਲੱਬਧ- ਡਾ. ਰੰਜੂ ਸਿੰਗਲਾ

ਮਲੋਟ: ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ਵਿੱਚ ਸਿਵਲ ਸਰਜਨ ਡਾ.ਰੰਜੂ ਸਿੰਗਲਾ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਸਰਕਾਰੀ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿੱਚ ਏਫੈਰਾਸਿਸ ਮਸ਼ੀਨ ਦੀ ਸੁਵਿਧਾ ਉਪਲੱਬਧ ਹੋ ਗਈ ਹੈ। ਉਹਨਾਂ ਕਿਹਾ ਕਿ ਡੇਂਗੂ ਦੇ ਮਰੀਜ਼ਾਂ ਵਿੱਚ ਜਾਂ ਕਿਸੇ ਹੋਰ ਬੀਮਾਰੀ ਕਾਰਨ ਕਿਸੇ ਵਿਅਕਤੀ ਦੇ ਸੈੱਲ ਜਿਆਦਾ ਮਾਤਰਾ ਵਿੱਚ ਘੱਟ ਜਾਂਦੇ ਹਨ ਤਾਂ ਉਸ ਦੀ ਜਾਨ ਦਾ ਖਤਰਾ ਹੋ ਸਕਦਾ ਹੈ। ਉਸ ਨੂੰ ਇਹ ਸੈੱਲ ਕਿਸੇ ਤੰਦਰੁਸਤ ਵਿਅਕਤੀ ਤੋਂ ਲੈ ਕੇ ਲਗਾਉਣੇ ਪੈਂਦੇ ਹਨ ਜੋ ਕਿ ਪਹਿਲਾਂ ਲੋੜਵੰਦ ਮਰੀਜਾਂ ਨੂੰ ਪ੍ਰਾਇਵੇਟ ਤੌਰ ਵੱਧ ਕੀਮਤ ਦੇ ਕੇ ਪ੍ਰਾਪਤ ਕਰਨੇ ਪੈਂਦੇ ਸਨ ।ਹੁਣ ਇਹ ਸਹੂਲਤ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਉਪਲੱਬਧ ਹੋ ਗਈ ਹੈ। ਉਹਨਾਂ ਕਿਹਾ ਕਿ ਡੇਂਗੂ ਦੇ ਸੀਜਨ ਦੌਰਾਨ ਅਤੇ ਸਾਰਾ ਸਾਲ ਹੀ ਮਰੀਜਾਂ ਨੂੰ ਸੈੱਲਾਂ ਜਰੂਰਤ ਰਹਿੰਦੀ ਸੀ। ਹੁਣ ਇਸ ਮਸ਼ੀਨ ਨਾਲ ਆਮ ਲੋਕਾਂ ਨੂੰ ਸਹੂਲਤ ਮਿਲੇਗੀ। ਉਹਨਾਂ ਕਿਹਾ ਕਿ ਸੈੱਲ ਲੈਣ ਲਈ ਕਿੱਟ ਜਨਔਸ਼ਦੀ ਸਟੋਰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਉਪਲੱਬਧ ਹੋਵੇਗੀ ਅਤੇ ਸਿਵਲ ਹਸਪਤਾਲ ਵਿੱਚ ਡੇਂਗੂ ਦੇ ਮਰੀਜਾਂ ਲਈ ਕਿੱਟ ਤੋਂ ਇਲਾਵਾ ਹੋਰ ਕੋਈ ਫ਼ੀਸ ਨਹੀਂ ਲਈ ਜਾਵੇਗੀ।

ਉਹਨਾਂ ਕਿਹਾ ਕਿ ਸਿਵਲ ਹਸਪਤਾਲ ਵਿਖੇ ਆਉਣ ਵਾਲੇ ਮਰੀਜਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀ ਆਉਣ ਦਿੱਤੀ ਜਾ ਰਹੀ ਅਤੇ ਇਹ ਸਹੂਲਤ ਵੀ 24 ਘੰਟੇ ਉਪਲੱਬਧ ਹੋਵੇਗੀ। ਇਸ ਮੌਕੇ ਉਹਨਾੰ ਡੇਂਗੂ ਦੀ ਬੀਮਾਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਦੀ ਬਿਮਾਰੀ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਫੈਲਦੀ ਹੈ ਜੋ ਕਿ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਇਸ ਬਿਮਾਰੀ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਵਿੱਚ ਪਾਣੀ ਖੁੱਲ੍ਹੇ ਵਿੱਚ ਸਟੋਰ ਨਹੀਂ ਕਰਨਾ ਚਾਹੀਦਾ ਅਤੇ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ ਬੁਖਾਰ ਹੋਣਾ, ਸਿਰ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ। ਡੇਂਗੂ ਪੌਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। Author: Malout Live