ਸ਼੍ਰੀ ਮੁਕਤਸਰ ਸਾਹਿਬ ਦੇ ਦੋ ਦਰਜਨ ਪਿੰਡਾਂ ਦੇ ਵਿੱਚ ਆਂਗਣਵਾੜੀ ਵਰਕਰਾਂ ਨੇ ਫੂਕੇ ਪੰਜਾਬ ਸਰਕਾਰ ਦੇ ਪੁਤਲੇ

ਸ਼੍ਰੀ ਮੁਕਤਸਰ ਸਾਹਿਬ:-  ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਦੋ ਦਰਜਨ ਪਿੰਡਾਂ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੇ ਵਿਰੁੱਧ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ। ਇਸ ਮੌਕੇ ਉਨ੍ਹਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰ ਪ੍ਰਦਰਸ਼ਨ ਵੀ ਕੀਤਾ।

ਵੱਖ-ਵੱਖ ਥਾਵਾਂ ’ਤੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ ਥਾਂਦੇਵਾਲਾ, ਕਿਰਨਜੀਤ ਕੌਰ ਭੰਗਚੜ੍ਹੀ, ਜਸਵਿੰਦਰ ਕੌਰ ਬੱਬੂ ਦੋਦਾ ਤੇ ਕੁਲਦੀਪ ਕੌਰ ਪੰਜਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ’ਤੇ ਧਰਨਾ ਪ੍ਰਦਰਸ਼ਨ ਕਰਨ ਆਏ ਬੇਰੁਜ਼ਗਾਰ ਬੱਚਿਆਂ ਤੇ ਕਾਂਗਰਸ ਦੇ ਗੁੰਡਿਆਂ ਵੱਲੋਂ ਜੋ ਤਸ਼ੱਸਦ ਕੀਤਾ ਗਿਆ, ਟੈਂਟ ਉਖਾੜਿਆ, ਉਸ ਦੀ ਜਥੇਬੰਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ’ਤੇ ਤਸ਼ੱਸਦ ਕਰਨ ਦੀ ਥਾਂ ਪੰਜਾਬ ਸਰਕਾਰ ਨੂੰ ਲੋਕਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਸਿੱਖਿਆ ਮੰਤਰੀ ਪ੍ਰਗਟ ਸਿੰਘ ਨੇ 5 ਅਕਤੂਬਰ ਨੂੰ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੂੰ ਮੋਹਾਲੀ ਵਿਖੇ ਮੀਟਿੰਗ ਲਈ ਬੁਲਾ ਕੇ ਜੋ ਖੱਜਲ ਖ਼ੁਆਰੀ ਕੀਤੀ ਹੈ, ਯੂਨੀਅਨ ਉਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ ਤੇ ਉਨ੍ਹਾਂ ਦੇ ਘਟੀਆ ਵਤੀਰੇ ਦੇ ਵਿਰੁੱਧ ਯੂਨੀਅਨ ਵੱਲੋਂ ਸੰਘਰਸ਼ ਕੀਤਾ ਜਾਵੇਗਾ।