ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਨੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ
ਸ਼੍ਰੀ ਮੁਕਤਸਰ ਸਾਹਿਬ:- ਸ਼੍ਰੀ ਅਨੁਰਾਗ ਵਰਮਾ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ-ਕਮ-ਪ੍ਰਭਾਰੀ ਸਕੱਤਰ ਸ਼੍ਰੀ ਮੁਕਤਸਰ ਸਾਹਿਬ ਨੇ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹਨਾਂ ਸਿਹਤ ਵਿਭਾਗ ਵੱਲੋਂ ਪੇਂਡੂ ਏਰੀਆਂ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤ ਸੰਬੰਧੀ ਪਿੰਡ ਭਾਗਸਰ ਵਿਖੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕਰਦਿਆਂ ਸੰਬੰਧਿਤ ਸਟਾਫ਼ ਨੂੰ ਹਦਾਇਤ ਕੀਤੀ ਕਿ ਜਦੋਂ ਵੀ ਕੋਈ ਪ੍ਰਾਰਥੀ ਸੇਵਾ ਕੇਂਦਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੇਵਾ ਲਈ ਆਉਂਦਾ ਹੈ ਤਾਂ ਉਹਨਾਂ ਦੀਆਂ ਅਰਜੀਆਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਕਰਨ ਅਤੇ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦਿੱਤੀ ਜਾਵੇ। ਆਪਣੇ ਇਸ ਦੌਰੇ ਦੌਰਾਨ ਉਹਨਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸ਼ਹਿਰ ਨਿਵਾਸੀਆਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਸੰਬੰਧੀ ਸ਼ੁਰੂ ਕੀਤੇ ਜਾਣ ਵਾਲੇ ਸਕਾਡਾ ਪ੍ਰੋਜੈਕਟ ਦਾ ਵੀ ਨਿਰੀਖਣ ਕੀਤਾ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੇਂਡੂ ਏਰੀਆ ਵਿੱਚ ਕੂੜਾ ਕਰਕਟ ਦਾ ਆਧੁਨਿਕ ਤਰੀਕੇ ਨਾਲ ਨਿਪਟਾਰਾ ਕਰਨ ਲਈ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਦਾ ਪਿੰਡ ਭਲਾਈਆਣਾ ਵਿਖੇ ਵੀ ਜਾਇਜ਼ਾ ਲਿਆ। ਇਸ ਮੌਕੇ ਉਪਿੰਦਰਜੀਤ ਸਿੰਘ ਐੱਸ.ਐੱਸ.ਪੀ, ਡਾ.ਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ, ਕੰਵਰਜੀਤ ਸਿੰਘ ਐੱਸ.ਡੀ.ਐੱਮ, ਡਾ.ਰੰਜੂ ਸਿੰਗਲਾ ਸਿਵਿਲ ਸਰਜਨ ਅਤੇ ਰਿਸ਼ਭ ਬਾਂਸਲ ਸਹਾਇਕ ਕਮਿਸ਼ਨਰ ਜਨਰਲ ਵੀ ਮੌਜੂਦ ਸਨ।
Author: Malout Live