ਅੱਜ 'ਸਿੰਗਲ ਯੂਜ਼ ਪਲਾਸਟਿਕ' ਸੰਬੰਧੀ ਮੁੱਖ ਮੰਤਰੀ ਵੀਡਿਓ ਕਾਨਫਰੰਸ ਰਾਹੀਂ ਕਰਨਗੇ ਪੰਜਾਬ ਵਾਸੀਆਂ ਨੂੰ ਸੰਬੋਧਨ- ਏ.ਡੀ.ਸੀ.(ਜ)

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ 1 ਜੁਲਾਈ ਤੋਂ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ’ਤੇ ਪੂਰੇ ਰਾਜ ਵਿੱਚ ਸਖ਼ਤੀ ਨਾਲ ਰੋਕ ਲਗਾਈ ਗਈ ਹੈ, ਜਿਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਭਰ ਦੇ ਲੋਕਾਂ ਨਾਲ ਵੀਡੀਓ ਕਾਨਫਰੰਸ ਮਾਧਿਅਮ ਰਾਹੀਂ ਸੰਬੋਧਨ ਕੀਤਾ ਜਾਵੇਗਾ। ਇਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਮਹਾਂ ਸਿੰਘ ਆਡੀਟੋਰੀਅਮ, ਪਹਿਲੀ ਮੰਜ਼ਿਲ ਰੈੱਡ ਕਰਾਸ ਭਵਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 11:15 ਵਜੇ ਤੋਂ ਦੁਪਹਿਰ 12:00 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ।

ਇਹ ਜਾਣਕਾਰੀ ਰਾਜਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਨਗਰ ਕੌਸਲਾਂ ਵੱਲੋਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ 19 ਤਰ੍ਹਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨਾ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਪਤਵੰਤੇ ਵਿਅਕਤੀਆਂ ਤੋਂ ਇਲਾਵਾ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਭਾਗ ਲੈਣਗੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੀ ਵਰਤੋਂ ਰੋਕਣ ਵਾਲੀ ਮੁਹਿੰਮ ਦਾ ਹਿੱਸਾ ਜਰੂਰ ਬਣਨ। ਇਸ ਸਮਾਗਮ ਵਿੱਚ ਲੋਕਾਂ ਨੂੰ ਜੂਟ ਦੇ ਬਣੇ ਬੈਗ ਵੀ ਮੁਫ਼ਤ ਵੰਡੇ ਜਾਣਗੇ। Author: Malout Live