ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਵਿੱਚ ਘਰ-ਘਰ ਜਾ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸੰਬੰਧੀ ਕੀਤਾ ਜਾ ਰਿਹਾ ਹੈ ਜਾਗਰੂਕ

ਮਲੋਟ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸਦੇ ਤਹਿਤ ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ਵਿੱਚ ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਏਰੀਏ ਵਿੱਚ ਡੇਂਗੂ ਅਤੇ ਮਲੇਰੀਆ ਦੇ ਫੈਲਣ ਤੋਂ ਬਚਾਅ ਲਈ ਖੜ੍ਹੇ ਪਾਣੀ ਵਿੱਚ ਬੀ.ਟੀ.ਆਈ ਅਤੇ ਟੈਮੀਫਾਸ ਨਾਮ ਦੀ ਸਪਰੇ ਕੀਤੀ ਗਈ। ਜਿਸ ਨਾਲ ਪਾਣੀ ਵਿੱਚ ਪੈਦਾ ਹੋਣ ਵਾਲੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਟੀਮਾਂ ਵੱਲੋਂ ਘਰ-ਘਰ ਜਾ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੂਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਲੋਕਾਂ ਨੂੰ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾਂ ਨਾ ਹੋਣ ਸੰਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਲਾਲ ਚੰਦ ਹੈਲਥ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਦੀ ਬਿਮਾਰੀ ਤੋਂ ਬਚਣ ਲਈ ਕੁੱਝ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ।

ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜ੍ਹਨ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਸਮੇਂ ਭਗਵਾਨ ਦਾਸ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸੰਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜ਼ਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਸੁਖਵਿੰਦਰ ਸਿੰਘ, ਗੁਰਜੀਤ ਸਿੰਘ, ਗੁਰਸੇਵਕ ਸਿੰਘ ਅਤੇ ਬ੍ਰੀਡਿੰਗ ਚੈਕਰ ਹਾਜ਼ਿਰ ਸਨ। Author: Malout Live