ਜ਼ਿਲ੍ਹੇ ਵਿੱਚ ਹੁਣ ਤੱਕ ਮਲੋਟ ਦੇ 65 ਸਮੇਤ ਡੇਂਗੂ ਦੇ ਕੇਸਾਂ ਦੀ ਗਿਣਤੀ ਹੋਈ 236- ਡਾ. ਰੰਜੂ ਸਿੰਗਲਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਸੰਬੰਧ ਵਿੱਚ ਡਾ. ਰੰਜੂ ਸਿੰਗਲਾ ਨੇ ਜਾਣਕਾਰੀ ਦਿੰਦਿਆ ਹੋਇਆ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਦੇ ਕੇਸਾਂ ਦੀ ਗਿਣਤੀ ਵੱਧ ਕੇ 236 ਹੋ ਗਈ, ਇਸ ਲਈ ਸਾਨੂੰ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹਨਾਂ ਦੱਸਿਆ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਕੇਸਾਂ ਦੀ ਗਿਣਤੀ 77, ਮਲੋਟ 65, ਗਿੱਦੜਬਾਹਾ 22 ਹੋ ਗਈ ਅਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਡੇਂਗੂ ਦੇ 72 ਕੇਸ ਰਿਪੋਰਟ ਹੋਏ ਹਨ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨ ਲਈ ਅਤੇ ਸ਼ਹਿਰੀ ਖੇਤਰਾਂ ਵਿੱਚ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ 10 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰਾਂ ਦੇ ਵੱਖ-ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਜਾ ਕੇ ਲੋਕਾਂ ਨੂੰ ਘਰਾਂ ਵਿੱਚ ਅਤੇ ਘਰਾਂ ਦੇ ਆਸ-ਪਾਸ ਪਾਣੀ ਜਮ੍ਹਾ ਨਾ ਹੋਣ ਸੰਬੰਧੀ ਜਾਣਕਾਰੀ ਦੇ ਰਹੀਆਂ ਹਨ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੂਕਤਾ ਪੈਂਫਲਿਟ ਵੰਡੇ ਜਾ ਰਹੇ ਹਨ। ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ‘ਤੇ ਨਸ਼ਟ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਡੇਂਗੂ ਤੋਂ ਡਰਨ ਦੀ ਲੋੜ ਨਹੀਂ,ਬਲਕਿ ਇਸ ਤੋਂ ਬਚਣ ਲਈ ਕੁੱਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ,ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਉਹਨਾਂ ਕਿਹਾ ਕਿ ਮੱਛਰਦਾਨੀਆਂ ਦੀ ਵਰਤੋਂ ਕਰੋ, ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਮੌਕੇ ਭਗਵਾਨ ਦਾਸ ਅਤੇ ਲਾਲ ਚੰਦ ਜ਼ਿਲ਼੍ਹਾ ਹੈਲਥ ਇੰਸਪੈਕਟਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਇਸ ਸਬੰਧੀ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪੌਜ਼ੀਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। Author: Malout Live