ਸਿਹਤ ਵਿਭਾਗ ਵੱਲੋਂ 12 ਫਰਵਰੀ ਤੋਂ 17 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ ਵਿਸ਼ੇਸ਼ ਟੀਕਾਕਰਨ ਹਫਤਾ- ਜਿਲ੍ਹਾ ਟੀਕਾਕਰਨ ਅਫ਼ਸਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਿਹਤ ਵਿਭਾਗ ਵੱਲੋਂ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਟੀਕਾਕਰਨ ਪ੍ਰੋਗਰਾਮ ਅਧੀਨ 12 ਫਰਵਰੀ ਤੋਂ 17 ਫਰਵਰੀ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿੱਚ ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਜਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲਗਾਏ ਜਾ ਰਹੇ ਵਿਸ਼ੇਸ਼ ਟੀਕਾਕਰਨ ਕੈਂਪਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਸ਼ੇਸ਼ ਟੀਕਾਕਰਨ ਹਫਤੇ ਦਾ ਮਕਸਦ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਲਈ ਵਿਸ਼ੇਸ਼ ਟੀਕਾਕਰਨ ਸੈਸ਼ਨ ਲਗਾਉਣਾ ਹੈ ਅਤੇ ਉਨ੍ਹਾਂ ਦਾ ਮੁਕੰਮਲ ਟੀਕਾਕਰਨ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵੱਲੋਂ ਅਧੂਰਾ ਟੀਕਾਕਰਨ ਵਾਲੇ ਬੱਚੇ ਅਤੇ ਟੀਕਾਕਰਨ ਤੋਂ ਰਹਿ ਗਏ ਬੱਚਿਆਂ ਦੀਆਂ ਸਰਵੇ ਕਰਕੇ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦਾ ਮੁਕੰਮਲ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦਾ ਜਾਂ ਆਪਣੇ ਨੇੜੇ ਦੇ ਘਰ੍ਹਾਂ ਦੇ ਬੱਚਿਆਂ ਦਾ ਮੁਕੰਮਲ ਟੀਕਾਕਰਨ ਕਰਵਾਉਣ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਇੰਦੂ ਖੰਨਾ ਏ.ਐੱਨ.ਐੱਮ, ਆਸ਼ਾ ਵਰਕਰ, ਆਂਗਣਵਾੜੀ ਵਰਕਰ ਮੌਜੂਦ ਸਨ। Author: Malout Live