District NewsMalout News

ਡਾ. ਸੰਦੀਪ ਕੌਰ ਜਿਲ੍ਹਾ ਐਪੀਡੀਮੋਲੋਜਿਸਟ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸਦੇ ਤਹਿਤ ਪੰਜਾਬ ਸਰਕਾਰ ਵੱਲੋਂ ਸ. ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਡਾ. ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਪੰਜਾਬ ਵਿੱਚ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ” ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਸੰਬੰਧ ਵਿੱਚ ਡਾ. ਸੰਦੀਪ ਕੌਰ ਜਿਲ੍ਹਾ ਐਪੀਡੀਮੋਲੋਜਿਸਟ ਸ਼੍ਰੀ ਮੁਕਤਸਰ ਸਾਹਿਬ ਨੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਹਰ ਸ਼ੁੱਕਰਵਾਰ ਆਪਣੇ ਘਰਾਂ ਵਿੱਚ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਹਫਤੇ ਵਿੱਚ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ ਅਤੇ ਡੇਂਗੂ ਤੋਂ ਬਚਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਘਰ-ਘਰ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇਅ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬਿਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਹੁਣ ਤੱਕ 197 ਡੇਂਗੂ ਦੇ ਪਾਜ਼ੀਟਿਵ ਕੇਸ ਰਿਪੋਰਟ ਹੋ ਚੁੱਕੇ ਹਨ ਅਤੇ ਹਰ ਰੋਜ਼ ਨਵੇਂ ਕੇਸ ਰਿਪੋਰਟ ਹੋ ਰਹੇ ਹਨ ਇਸ ਲਈ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ।

ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਦੇ ਚੱਲ ਰਹੇ ਸੀਜਨ ਅਤੇ ਬੇਮੋਸਮੀ ਬਰਸਾਤਾਂ ਕਾਰਨ ਹੁਣ ਡੇਂਗੂ ਹੋਣ ਦਾ ਖਤਰਾ ਬਹੁਤਾ ਜਿਆਦਾ ਹੈ। ਇਸ ਲਈ ਸਾਨੂੰ ਡੇਂਗੂ ਤੋਂ ਬਚਣ ਲਈ ਬਹੁਤ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਕਬਾੜ ਵਿੱਚ ਪਏ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ। ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਸਮੇਂ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

Author: Malout Live

Back to top button