ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ
ਸ੍ਰੀ ਮੁਕਤਸਰ ਸਾਹਿਬ :- ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੁਲਤ ਲਈ ਫੈਸਲਾ ਕੀਤਾ ਗਿਆ ਹੈ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਹੁਣ ਸੇਵਾ ਕੇਂਦਰਾਂ ਤੋਂ ਵੀ ਬਣਵਾਏ ਜਾ ਸਕਣਗੇ। ਇਹ ਜਾਣਕਾਰੀ ਜ਼ਿਲੇ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ ਕੁਮਾਰ ਤ੍ਰਿਪਾਠੀ ਨੇ ਦਿੱਤੀ ਹੈ। ਉਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀ ਸੇਵਾ ਕੇਂਦਰ ਤੋਂ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਦੱਸਿਆ ਕਿ ਟਾਇਪ 1 ਸੇਵਾ ਕੇਂਦਰਾਂ ਤੇ ਇਹ ਸੇਵਾ 17 ਫਰਵਰੀ ਤੋਂ, ਟਾਇਪ 2 ਸੇਵਾ ਕੇਂਦਰਾਂ ਤੇ 22 ਫਰਵਰੀ ਤੋਂ ਅਤੇ ਟਾਇਪ 3 ਸੇਵਾ ਕੇਂਦਰਾਂ ਤੇ ਇਹ ਸੇਵਾ 26 ਫਰਵਰੀ 2021 ਤੋਂ ਉਪਲਬੱਧ ਹੋਵੇਗੀ। ਉਨਾਂ ਨੇ ਸਾਰੇ ਅਜਿਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਨੇ ਹਾਲੇ ਕਾਰਡ ਨਹੀਂ ਬਣਵਾਏ ਉਹ ਬਿਨਾਂ ਦੇਰੀ ਇਹ ਕਾਰਡ ਬਣਵਾ ਲੈਣ। ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲੇ ਹੁੰਦੇ ਹਨ ਅਤੇ ਇਹ ਸ਼ਨੀਵਾਰ ਨੂੰ ਵੀ ਖੁੱਲੇ ਹੰੁਦੇ ਹਨ। ਇਸ ਯੋਜਨਾ ਤਹਿਤ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਮੁਫ਼ਤ ਇਲਾਜ ਦੀ ਸਹੁਲਤ ਦਿੱਤੀ ਜਾਂਦੀ ਹੈ। ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।