ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸ. ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ, ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸ੍ਰੀਮਤੀ ਬਲਜੀਤ ਕੌਰ ਐੱਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਵਿਧਾਇਕ ਨੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਲਈ ਉੱਚੇਚੇ ਕਦਮ ਚੁੱਕੇ ਜਾਣ ਤਾਂ ਜੋ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸ਼ਹਿਰ ਨਿਵਾਸੀਆਂ ਨੂੰ ਸੀਵਰੇਜ ਦੇ ਗੰਦੇ ਪਾਣੀ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਹਨਾਂ ਇਹ ਵੀ ਕਿਹਾ ਕਿ ਸੀਵਰੇਜ਼ ਦੇ ਮੇਨ ਹੋਲਾਂ ਦੀ ਸਫ਼ਾਈ ਕਰਵਾਈ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਉੱਚ ਪ੍ਰਬੰਧ ਕੀਤੇ ਜਾਣ।

ਉਹਨਾਂ ਸ਼ਹਿਰ ਨਿਵਾਸੀਆਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਵਰਕਸ ਵਿਭਾਗ ਨੂੰ ਕਿਹਾ ਕਿ ਜਿੱਥੇ ਕਿਤੇ ਪੀਣ ਵਾਲੇ ਪਾਣੀ ਦੀ ਮਿਕਸਿੰਗ ਹੋ ਰਹੀ ਹੈ, ਉਹਨਾਂ ਥਾਵਾਂ ਨੂੰ ਚੈਕ ਕੀਤਾ ਜਾਵੇ। ਇਸ ਸੰਬੰਧੀ ਘਰ-ਘਰ, ਵਾਰਡ ਵਾਈਜ ਲੋਕਾਂ ਤੋਂ ਜਾਣਕਾਰੀ ਇਕੱਤਰ ਕੀਤੀ ਜਾਵੇ ਕਿ ਕਿਸ ਜਗ੍ਹਾ ਤੇ ਪੀਣ ਵਾਲੇ ਪਾਣੀ ਵਿੱਚ ਮਿਕਸਿੰਗ ਹੋ ਰਹੀ ਹੈ, ਤਾਂ ਜੋ ਪਾਣੀ ਵਿੱਚ ਮਿਕਸਿੰਗ ਨੂੰ ਰੋਕਿਆ ਜਾ ਸਕੇ। ਉਹਨਾਂ ਡਰੇਨ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਮਾਨਸੂਨ ਸੀਜਨ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਡਰੇਨਾਂ ਦੀ ਸਾਫ ਸਫਾਈ ਕਰਵਾਈ ਜਾਦੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਕੋਈ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਾ ਆਏ। ਉਹਨਾਂ ਵਣ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਵਾਤਾਵਰਣ ਦੀ ਸਾਂਭ ਸੰਭਾਲ ਲਈ ਵੱਧ ਤੋਂ ਵੱਧ ਜਾਂਦਾਰ ਪੌਦੇ ਖਾਲੀ ਥਾਦਾਂ ਤੇ ਲਗਾਏ ਜਾਣ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਅਤੇ ਪ੍ਰਸ਼ਾਸਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। Author : Malout Live