ਕੌਮੀ ਲੋਕ ਅਦਾਲਤ ਵਿੱਚ 374 ਕੇਸਾਂ ਦਾ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ :- ਸ੍ਰੀ ਮੁਕਤਸਰ ਸਾਹਿਬ ਵਿੱਚ ਸ੍ਰੀ ਅਰੁਨਵੀਰ ਵਸ਼ਿਸਟ, ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜ਼ਨ ਕੀਤਾ ਗਿਆ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕ ਅਦਾਲਤ ਦੇ 6 ਬੈਂਚ, ਮਲੋਟ ਵਿਖੇ ਲੋਕ ਅਦਾਲਤ ਦੇ 1 ਬੈਂਚ ਅਤੇ ਗਿੱਦੜਬਾਹਾ ਵਿਖੇ ਲੋਕ ਅਦਾਲਤ ਦੇ 2 ਬੈਂਚ ਲਗਾਏ ਗਏ। ਲੋਕ ਅਦਾਲਤ ਦੌਰਾਨ ਸਾਰੇ ਦੀਵਾਨੀ, ਸਮਝੌਤਾ-ਯੋਗ ਫੋਜ਼ਦਾਰੀ, ਬੈਂਕ ਰਿਕਵਰੀ, ਚੈਕ ਬਾਊਂਸ, ਮਜਦੂਰਾਂ ਨਾਲ ਸਬੰਧਿਤ, ਬਿਜ਼ਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਘਰੇਲੂ ਝਗੜਿਆਂ ਸਬੰਧੀ ਅਤੇ ਭੌਂ ਪ੍ਰਾਪਤੀ ਮਾਮਲੇ ਨਾਲ ਸਬੰਧਿਤ ਪੈਂਡਿੰਗ ਅਤੇ ਪ੍ਰੀਲਿਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ।

ਧਿਰਾਂ ਦਰਮਿਆਨ ਆਪਸੀ ਸਮਝੌਤਿਆਂ ਰਾਹੀਂ ਕੁੱਲ 309 ਲੰਬਿਤ ਅਤੇ 65 ਪ੍ਰੀ-ਲਿਟੀਗੇਟਿਵ ਮੁਕੱਦਮਿਆਂ ਦਾ ਨਿਪਟਾਰਾ ਕੀਤਾ ਗਿਆ ਅਤੇ 4,23,14,323  . ਦੀ ਰਕਮ ਸਬੰਧੀ ਸਮਝੌਤੇ ਕਰਵਾਏ ਗਏ। ਇਸ ਮੌਕੇ ਲੋਕ ਅਦਾਲਤਾਂ ਵਿੱਚ ਕੇਸ ਲਾਉਣ ਦੇ ਲਾਭ ਬਾਰੇ ਜਾਣਕਾਰੀ ਦਿੰਦਿਆ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੇ ਸਕੱਤਰ ਸ. ਪਿ੍ਰਤਪਾਲ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਸਹਿਤ-ਸੀ.ਜੇ.ਐਮ. ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈੇ ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਲੋਕ ਅਦਾਲਤ ਦੇ ਫ਼ੈਸਲੇ/ਅਵਾਰਡ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਹੀ ਮਾਨਤਾ ਹੈ। ਇਸ ਦੇ ਫ਼ੈਸਲੇ ਵਿਚ ਕਿਤੇ ਅਪੀਲ ਵੀ ਨਹੀਂ ਹੁੰਦੀ ਹੈ। ਉਨਾਂ ਇਹ ਵੀ ਦੱਸਿਆ ਕਿ ਕਿਸੇ ਵੀ ਤਰਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।