ਪੰਜਾਬ ਸਰਕਾਰ ਵੱਲੋਂ ਭਲਕੇ ਲਿੰਗ ਆਧਾਰਿਤ ਹਿੰਸਾ 'ਤੇ ਰਾਜ ਪੱਧਰੀ ਜਾਗਰੂਕਤਾ ਸਮਾਗਮ
ਮਲੋਟ (ਪੰਜਾਬ): ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆ ਵਿੱਚ ਲਿੰਗ ਆਧਾਰਿਤ ਹਿੰਸਾ ਅਤੇ ਹੋਰ ਸੰਵੇਦਨਸ਼ੀਲ ਵਿਸ਼ਿਆਂ 'ਤੇ ਜਾਗਰੂਕਤਾ ਮੁਹਿੰਮ ਨੂੰ ਲੈ ਕੇ ਭਲਕੇ (27 ਅਕਤੂਬਰ) ਨੂੰ ਜਲੰਧਰ ਵਿੱਚ ਸਮਾਗਮ ਕਰਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਰਾਜ ਪੱਧਰੀ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚਣਗੇ। ਉਹ ਲੋਕਾਂ ਨੂੰ ਲਿੰਗ ਆਧਾਰਿਤ ਹਿੰਸਾ ਦੇ ਨਾਲ-ਨਾਲ ਘਰੇਲੂ ਹਿੰਸਾ, ਦਹੇਜ ਦੀ ਸਮੱਸਿਆ, ਪੋਕਸੋ ਅਤੇ ਬਾਲ ਵਿਆਹ ਐਕਟ ਆਦਿ ਵਿਸ਼ਿਆਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਹੋਣ ਦਾ ਸੰਦੇਸ਼ ਦੇਣਗੇ,
ਜਿਸ ਨਾਲ ਸਮਾਜਿਕ ਬੁਰਾਈਆਂ ਨੂੰ ਰੋਕਣ ਵਿੱਚ ਸਰਗਰਮ ਭੂਮਿਕਾ ਨਿਭਾਈ ਜਾ ਸਕੇ। ਰਾਜ ਪੱਧਰੀ ਸਮਗਾਮ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ‘ਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਟ੍ਰੇਨਿੰਗ ਪ੍ਰੋਗਰਾਮ ਅਤੇ ਕਾਰਜਸ਼ਾਲਾਵਾਂ ਆਯੋਜਿਤ ਕੀਤੀਆਂ ਜਾ ਚੁੱਕੀਆਂ ਹਨ। ਵਨ ਸਟਾਪ ਸੈਂਟਰਾਂ ਵਿੱਚ ਅਜਿਹੇ ਕੇਸਾਂ ਤੋਂ ਪੀੜ੍ਹਿਤ ਵਿਅਕਤੀਆਂ ਲਈ ਪੰਜਾਬ ਸਰਕਾਰ ਵੱਲੋਂ ਉਪਲੱਬਧ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਹਰ ਖੇਤਰ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਣ ਦਾ ਸੱਦਾ ਵੀ ਦਿੱਤਾ ਗਿਆ। ਵਿਭਾਗ ਦੇ ਅਧਿਕਾਰੀਆਂ ਅਤੇ ਕੇਂਦਰਾਂ ਦੇ ਸਟਾਫ਼ ਨੂੰ ਲਿੰਗ ਆਧਾਰਿਤ ਹਿੰਸਾ ਦੇ ਪੀੜ੍ਹਿਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਕਿਹਾ ਗਿਆ। Author: Malout Live